ਰਜਿ: ਨੰ: PB/JL-124/2018-20
RNI Regd No. 23/1979

ਪੁੱਛਗਿੱਛ ਦੌਰਾਨ ਲਾਰੈਂਸ ਬਿਸ਼ਨੋਈ ਨੇ ਦੋ ਸ਼ੂਟਰਾਂ ਦੇ ਨਾਂ ਸਣੇ ਕੀਤੇ ਵੱਡੇ ਖੁਲਾਸੇ
 
BY admin / June 19, 2022
ਚੰਡੀਗੜ੍ਹ, 19 ਜੂਨ, (ਦਵਿੰਦਰਜੀਤ ਸਿੰਘ ਦਰਸ਼ੀ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪ੍ਰੋਡਕਸ਼ਨ ਵਾਰੰਟ ’ਤੇ ਪੰਜਾਬ ਲਿਆਂਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਪੁੱਛ-ਪੜਤਾਲ ਦੌਰਾਨ ਵੱਡੇ ਖੁਲਾਸੇ ਕੀਤੇ ਹਨ। ਬਿਸ਼ਨੋਈ ਨੇ ਦੋ ਸ਼ੂਟਰਾਂ ਨੂੰ ਜਾਣਨ ਦੀ ਗੱਲ ਮੰਨੀ ਹੈ। ਬੀਤੇ ਦਿਨੀਂ ਪੰਜਾਬ ਪੁਲਿਸ ਦੀ ਸਿੱਟ ਨੇ ਚਾਰ ਸ਼ੂਟਰਾਂ ਜਗਰੂਪ ਸਿੰਘ ਉਰਫ਼ ਰੂਪਾ ਵਾਸੀ ਅੰਮਿ੍ਰਤਸਰ, ਮੋਨੂੰ ਕੁੱਸਾ ਵਾਸੀ ਮੋਗਾ ਅਤੇ ਪਿ੍ਰਆਵਰਤ ਜੋਸ਼ੀ ਤੇ ਅੰਕਿਤ ਦੋਵੇਂ ਵਾਸੀ ਸੋਨੀਪਤ ਦੀ ਪਛਾਣ ਹੋਣ ਦਾ ਦਾਅਵਾ ਕੀਤਾ ਸੀ। ਇਨ੍ਹਾਂ ’ਚੋਂ ਰੂਪਾ ਤੇ ਕੁੱਸਾ ਨੂੰ ਲਾਰੈਂਸ ਬਿਸ਼ਨੋਈ ਜਾਣਦਾ ਹੈ ਅਤੇ ਇਹ ਦੋਵੇਂ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਸੰਪਰਕ ਵਿੱਚ ਸਨ। ਲਾਰੈਂਸ ਅਨੁਸਾਰ ਵਿੱਕੀ ਮਿੱਡੂਖੇੜਾ ਦਾ ਕਤਲ ਸਿੱਧੂ ਮੂਸੇਵਾਲਾ ਦੇ ਮੈਨੇਜਰ ਜਸ਼ਨਪ੍ਰੀਤ ਸਿੰਘ ਨੇ ਮੁਖਬਰੀ ਕਰਕੇ ਕਰਵਾਇਆ ਸੀ। ਇਸ ਸਬੰਧੀ ਉਸ (ਲਾਰੈਂਸ) ਨੇ ਮੂਸੇਵਾਲਾ ਨੂੰ ਕਈ ਵਾਰ ਸਮਝਾਉਣ ਦੀ ਕੋਸ਼ਿਸ਼ ਕੀਤੀ ਸੀ ਕਿ ਉਹ ਆਪਣੇ ਮੈਨੇਜਰ ਦਾ ਸਾਥ ਨਾ ਦੇਵੇ ਪਰ ਉਹ ਨਹੀਂ ਮੰਨਿਆ। ਲਾਰੈਂਸ ਤੋਂ ਪੁੱਛ-ਪੜਤਾਲ ਦੌਰਾਨ ਇਹ ਵੀ ਖ਼ੁਲਾਸਾ ਹੋਇਆ ਹੈ ਕਿ ਜ਼ਿਆਦਾਤਰ ਗੈਂਗਸਟਰ ਸਿਗਨਲ ਐਪ ਰਾਹੀਂ ਇੱਕ ਦੂਜੇ ਨਾਲ ਤਾਲਮੇਲ ਕਰਦੇ ਹਨ। ਉਧਰ, ਮੂਸੇਵਾਲਾ ਦੀ ਹੱਤਿਆ ਕੇਸ ਦੇ ਸ਼ੱਕੀ ਸ਼ਾਰਪ ਸ਼ੂਟਰ ਸੰਤੋਸ਼ ਜਾਧਵ ਦੀ ਨਿਸ਼ਾਨਦੇਹੀ ’ਤੇ ਹੁਣ ਤੱਕ 13 ਹਥਿਆਰ ਬਰਾਮਦ ਕੀਤੇ ਗਏ ਹਨ। ਉਸ ਨੇ ਇਹ ਅਸਲਾ ਮੱਧ ਪ੍ਰਦੇਸ਼ ਤੋਂ ਮੰਗਵਾਇਆ ਸੀ। ਪੁਣੇ ਦੇ ਐੱਸਪੀ (ਦਿਹਾਤੀ) ਅਭਿਨਵ ਦੇਸ਼ਮੁਖ ਨੇ ਇਹ ਗੱਲ ਪੰਜਾਬ ਪੁਲਿਸ ਨਾਲ ਸਾਂਝੀ ਕੀਤੀ ਹੈ। ਉਧਰ, ਮਾਨਸਾ ਪੁਲਿਸ ਵੱਲੋਂ ਹੁਣ ਮਨਮੋਹਨ ਸਿੰਘ ਮੋਹਣਾ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਇਸ ਵਿਅਕਤੀ ਨੂੰ ਮਾਨਸਾ ਦੀ ਜ਼ਿਲ੍ਹਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਇਸ ਦਾ ਪੰਜ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਮੋਹਣਾ ਨੇ ਜਨਵਰੀ-ਫਰਵਰੀ ਮਹੀਨਿਆਂ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਸਿੱਧੂ ਮੂਸੇਵਾਲਾ ਦੀ ਰੇਕੀ ਕੀਤੀ ਸੀ। ਪੁਲਿਸ ਮੁਤਾਬਕ ਮਨਮੋਹਨ ਸਿੰਘ ਮੋਹਣਾ ਹੁਣ ਤੱਕ ਫੜੇ ਗਏ ਸ਼ੱਕੀ ਵਿਅਕਤੀਆਂ ਵਿੱਚੋਂ ਇਕੱਲਾ ਅਜਿਹਾ ਵਿਅਕਤੀ ਹੈ, ਜਿਸ ਦਾ ਸਬੰਧ ਮਾਨਸਾ ਜ਼ਿਲ੍ਹੇ ਨਾਲ ਹੈ ਤੇ ਉਹ ਇਥੋਂ ਦੇ ਰੱਲੀ ਪਿੰਡ ਦਾ ਰਹਿਣ ਵਾਲਾ ਹੈ। ਪੁਲਿਸ ਮੁਤਾਬਕ ਮੋਹਣਾ ਖ਼ਿਲਾਫ਼ ਕਈ ਪਰਚੇ ਦਰਜ ਹਨ।