ਰਜਿ: ਨੰ: PB/JL-124/2018-20
RNI Regd No. 23/1979

ਕਾਂਗਰਸੀ ਵਿਧਾਇਕ ਕੁਲਦੀਪ ਬਿਸ਼ਨੋਈ ਨੇ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ, ਅੱਜ ਭਾਜਪਾ ’ਚ ਸ਼ਾਮਲ ਹੋਣਗੇ
 
BY admin / August 03, 2022
ਚੰਡੀਗੜ੍ਹ, 3 ਅਗਸਤ, (ਰਾਜ ਕੁਮਾਰ ਵਰਮਾ)- ਕਾਂਗਰਸ ਵਿਧਾਇਕ ਕੁਲਦੀਪ ਬਿਸ਼ਨੋਈ ਨੇ ਬੁੱਧਵਾਰ ਨੂੰ ਹਰਿਆਣਾ ਵਿਧਾਨ ਸਭਾ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਭਲਕੇ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਜਾਣਗੇ। ਆਦਮਪੁਰ ਤੋਂ ਮੌਜੂਦਾ ਵਿਧਾਇਕ ਬਿਸ਼ਨੋਈ (53) ਨੇ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਬਿਸ਼ਨੋਈ ਦੇ ਅਸਤੀਫੇ ਤੋਂ ਬਾਅਦ ਹੁਣ ਹਿਸਾਰ ਜ਼ਿਲ੍ਹੇ ਦੀ ਆਦਮਪੁਰ ਸੀਟ ’ਤੇ ਉਪ ਚੋਣ ਹੋਵੇਗੀ। ਕਾਂਗਰਸ ਨੇ ਜੂਨ ’ਚ ਹੋਈਆਂ ਰਾਜ ਸਭਾ ਚੋਣਾਂ ’ਚ ’ਕਰਾਸ ਵੋਟਿੰਗ’ ਕਰਨ ਤੋਂ ਬਾਅਦ ਬਿਸ਼ਨੋਈ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਸੀ। ਚਾਰ ਵਾਰ ਵਿਧਾਇਕ ਅਤੇ ਦੋ ਵਾਰ ਦੇ ਸੰਸਦ ਮੈਂਬਰ ਪਹਿਲਾਂ ਹੀ ਪਾਰਟੀ ਤੋਂ ਨਾਰਾਜ਼ ਸਨ। ਉਨ੍ਹਾਂ ਨੇ ਇਸ ਸਾਲ ਦੇ ਸ਼ੁਰੂ ਵਿਚ ਕਾਂਗਰਸ ਦੀ ਹਰਿਆਣਾ ਇਕਾਈ ਦੇ ਮੁਖੀ ਵਜੋਂ ਨਿਯੁਕਤੀ ਨਾ ਕੀਤੇ ਜਾਣ ਤੋਂ ਬਾਅਦ ਬਾਗੀ ਰੁਖ਼ ਅਪਣਾ ਲਿਆ ਸੀ। ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭਜਨ ਲਾਲ ਦੇ ਛੋਟੇ ਪੁੱਤਰ ਕੁਲਦੀਪ ਬਿਸ਼ਨੋਈ ਨੇ ਦੂਜੀ ਵਾਰ ਕਾਂਗਰਸ ਨਾਲੋਂ ਨਾਤਾ ਤੋੜ ਲਿਆ ਹੈ। ਉਹ ਕਰੀਬ ਛੇ ਸਾਲ ਪਹਿਲਾਂ ਪਾਰਟੀ ਨਾਲੋਂ ਵੱਖ ਹੋ ਕੇ ਮੁੜ ਕਾਂਗਰਸ ਵਿੱਚ ਸ਼ਾਮਲ ਹੋਏ ਸਨ। ਬਿਸ਼ਨੋਈ ਨੇ ਮੰਗਲਵਾਰ ਨੂੰ ਇਹ ਵੀ ਸੰਕੇਤ ਦਿੱਤਾ ਕਿ ਉਹ ਭਾਜਪਾ ’ਚ ਸ਼ਾਮਲ ਹੋ ਸਕਦੇ ਹਨ। ਉਸਨੇ ਟਵੀਟ ਕੀਤਾ, “4 ਅਗਸਤ 2022, ਸਵੇਰੇ 10:10 ਵਜੇ।” ਇਸ ਤੋਂ ਬਾਅਦ ਉਸਨੇ ਟਵੀਟ ਕੀਤਾ, “ਦੁਬਾਰਾ ਸ਼ੁਰੂਆਤ ਕਰਨ ਤੋਂ ਡਰੋ ਨਹੀਂ। ਇਸ ਵਾਰ ਕੁਝ ਬਿਹਤਰ ਕਰਨ ਦਾ ਮੌਕਾ ਹੈ। ਹਾਲ ਹੀ ਦੇ ਹਫ਼ਤਿਆਂ ਵਿੱਚ, ਬਿਸ਼ਨੋਈ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਮੁਖੀ ਜੇਪੀ ਨੱਡਾ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸਮੇਤ ਭਾਜਪਾ ਦੇ ਚੋਟੀ ਦੇ ਨੇਤਾਵਾਂ ਨਾਲ ਮੀਟਿੰਗਾਂ ਕੀਤੀਆਂ ਸਨ। ਬਿਸ਼ਨੋਈ ਨੇ ਸਿਆਸੀ ਮੁੱਦਿਆਂ ’ਤੇ ਚਰਚਾ ਕਰਨ ਲਈ ਨੱਡਾ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਦਿੱਲੀ ’ਚ ਮੁਲਾਕਾਤ ਕੀਤੀ ਸੀ। 10 ਜੁਲਾਈ ਨੂੰ ਬਿਸ਼ਨੋਈ ਨੇ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਨੱਡਾ ਨਾਲ ਮੁਲਾਕਾਤ ਕੀਤੀ ਸੀ। ਭਾਜਪਾ ਨੇਤਾਵਾਂ ਨਾਲ ਮੁਲਾਕਾਤ ਤੋਂ ਬਾਅਦ ਬਿਸ਼ਨੋਈ ਨੇ ਉਨ੍ਹਾਂ ਦੀ ਖੂਬ ਤਾਰੀਫ ਕੀਤੀ ਸੀ। ਕਾਂਗਰਸ ਨੇ ਪਿਛਲੇ ਮਹੀਨੇ ਬਿਸ਼ਨੋਈ (53) ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਸੀ। ਉਦੋਂ ਤੋਂ ਉਨ੍ਹਾਂ ਦੇ ਭਾਜਪਾ ’ਚ ਸ਼ਾਮਲ ਹੋਣ ਦੀ ਚਰਚਾ ਜ਼ੋਰਾਂ ’ਤੇ ਸੀ।