ਰਜਿ: ਨੰ: PB/JL-124/2018-20
RNI Regd No. 23/1979

ਬਿਹਾਰ ’ਚ ਨਕਲੀ ਸ਼ਰਾਬ ਪੀਣ ਨਾਲ 7 ਲੋਕਾਂ ਦੀ ਮੌਤ, ਕਈਆਂ ਦੀ ਅੱਖਾਂ ਦੀ ਰੌਸ਼ਨੀ ਚਲੀ ਗਈ 
 
BY admin / August 05, 2022
ਛਪਰਾ, 5 ਅਗਸਤ, (ਯੂ.ਐਨ.ਆਈ.)- ਬਿਹਾਰ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 15 ਹੋਰ ਬੀਮਾਰ ਹੋ ਗਏ ਹਨ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਮੁਤਾਬਕ ਨਕਲੀ ਸ਼ਰਾਬ ਪੀਣ ਵਾਲੇ ਕੁਝ ਲੋਕਾਂ ਦੀਆਂ ਅੱਖਾਂ ਦੀ ਰੌਸ਼ਨੀ ਚਲੀ ਗਈ ਹੈ। ਸਾਰਨ ਦੇ ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਮੀਨਾ ਦੇ ਅਨੁਸਾਰ, ਸਾਰੇ ਮਾਮਲੇ ਮੇਕਰ ਥਾਣਾ ਖੇਤਰ ਦੇ ਅਧੀਨ ਆਉਂਦੇ ਪਿੰਡਾਂ ਦੇ ਹਨ। ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਮੀਨਾ ਨੇ ਕਿਹਾ, ’’ਪਹਿਲੇ ਨਜ਼ਰੀਏ ਤੋਂ ਲੱਗਦਾ ਹੈ ਕਿ ਪਿੰਡ ਵਾਸੀਆਂ ਨੇ ਨਕਲੀ ਸ਼ਰਾਬ ਪੀਤੀ ਸੀ। ਇੱਥੇ ਪੰਜ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਦੋ ਦੀ ਮੌਤ ਪਟਨਾ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਹੋਈ, ਜਿੱਥੇ ਵੀਰਵਾਰ ਨੂੰ ਗੰਭੀਰ ਰੂਪ ਵਿੱਚ ਬਿਮਾਰ ਵਿਅਕਤੀਆਂ ਨੂੰ ਸ਼ਿਫਟ ਕੀਤਾ ਗਿਆ ਸੀ, ਉਸ ਦੀਆਂ ਅੱਖਾਂ ਦੀ ਰੋਸ਼ਨੀ ਚਲੀ ਗਈ ਹੈ। ਸਾਰਨ ਦੇ ਐਸਪੀ ਸੰਤੋਸ਼ ਕੁਮਾਰ ਨੇ ਕਿਹਾ, “ਅਸੀਂ ਗੈਰ-ਕਾਨੂੰਨੀ ਸ਼ਰਾਬ ਬਣਾਉਣ ਵਾਲੇ ਲੋਕਾਂ ਨੂੰ ਫੜਨ ਲਈ ਮੇਕਰ, ਮਰਹੌਰਾ ਅਤੇ ਭੇਲਡੀ ਥਾਣਾ ਖੇਤਰਾਂ ਵਿੱਚ ਛਾਪੇਮਾਰੀ ਕਰ ਰਹੇ ਹਾਂ। ਅਸੀਂ ਇਸ ਕਾਰਵਾਈ ਦੇ ਖਤਮ ਹੋਣ ਤੋਂ ਬਾਅਦ ਹੀ ਗਿ੍ਰਫਤਾਰੀਆਂ ਦੀ ਗਿਣਤੀ ਦੱਸ ਸਕਾਂਗੇ।” ਜ਼ਿਕਰਯੋਗ ਹੈ ਕਿ ਪਿਛਲੇ ਸਾਲ ਨਵੰਬਰ ਤੋਂ ਬਿਹਾਰ ’ਚ ਨਕਲੀ ਸ਼ਰਾਬ ਪੀਣ ਨਾਲ 50 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।