ਰਜਿ: ਨੰ: PB/JL-124/2018-20
RNI Regd No. 23/1979

ਝੋਨੇ ਦੀ ਪਰਾਲੀ ਦੇ ਸਥਾਈ ਹੱਲ ਲਈ ਪੇਡਾ ਨੇ 42 ਕੰਪਰੈੱਸਡ ਬਾਇਓ-ਗੈਸ (ਸੀ.ਬੀ.ਜੀ.) ਪਲਾਂਟ ਅਲਾਟ ਕੀਤੇ-ਅਮਨ ਅਰੋੜਾ
 
BY admin / August 12, 2022
ਚੰਡੀਗੜ, 12 ਅਗਸਤ (ਪ. ਪ.)-ਸਾਫ਼-ਸੁਥਰੀ ਊਰਜਾ ਦੀ ਦਿਸ਼ਾ ਵਿੱਚ ਠੋਸ ਕਦਮ ਚੁੱਕਦਿਆਂ ਪੰਜਾਬ ਦੇ ਜ਼ਿਲਾ ਸੰਗਰੂਰ ਵਿੱਚ ਏਸ਼ੀਆ ਦਾ ਸਭ ਤੋਂ ਵੱਡਾ ਕੰਪਰੈੱਸਡ ਬਾਇਓ-ਗੈਸ (ਸੀ.ਬੀ.ਜੀ.) ਪਲਾਂਟ ਕਾਰਜਸ਼ੀਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪ੍ਰਤੀ ਦਿਨ ਕੁੱਲ 33.23 ਟਨ ਸੀ.ਬੀ.ਜੀ. ਦੀ ਸਮਰੱਥਾ ਵਾਲਾ ਇਹ ਪਲਾਂਟ ਪਿੰਡ ਭੁਟਾਲ ਕਲਾਂ (ਸੰਗਰੂਰ) ਵਿਖੇ ਅਪ੍ਰੈਲ, 2022 ਵਿੱਚ ਚਾਲੂ ਹੋ ਗਿਆ ਹੈ। ਇਸ ਪਲਾਂਟ ਵਿੱਚੋਂ ਸੀ.ਬੀ.ਜੀ. ਦਾ ਵਪਾਰਕ ਉਤਪਾਦਨ ਸ਼ੁਰੂ ਹੋ ਗਿਆ ਹੈ, ਜਿਸ ਦੀ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (ਆਈ.ਓ.ਸੀ.ਐਲ.) ਦੇ ਆਊਟਲੈਟ ਨੂੰ ਸਪਲਾਈ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੇਡਾ ਵੱਲੋਂ ਪਰਾਲੀ ਦੇ ਸਥਾਈ ਅਤੇ ਟਿਕਾਊ ਹੱਲ ਲਈ ਝੋਨੇ ਦੀ ਪਰਾਲੀ ਅਤੇ ਹੋਰ ਖੇਤੀ ਰਹਿੰਦ-ਖੂੰਹਦ ਉਤੇ ਆਧਾਰਿਤ ਕੁੱਲ 492.58 ਟਨ ਪ੍ਰਤੀ ਦਿਨ ਸਮਰੱਥਾ ਦੇ 42 ਹੋਰ ਸੀ.ਬੀ.ਜੀ. ਪ੍ਰਾਜੈਕਟ ਵੀ ਅਲਾਟ ਕੀਤੇ ਗਏ ਹਨ, ਜਿਸ ਨਾਲ ਪੇਂਡੂ ਆਰਥਿਕਤਾ ਨੂੰ ਵੀ ਹੁਲਾਰਾ ਮਿਲੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨਾਂ ਪ੍ਰਾਜੈਕਟਾਂ ਨਾਲ ਤਕਰੀਬਨ 1200 ਕਰੋੜ ਰੁਪਏ ਦਾ ਪ੍ਰਾਈਵੇਟ ਨਿਵੇਸ਼ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ 8000 ਹੁਨਰਮੰਦ/ਗ਼ੈਰ-ਹੁਨਰਮੰਦ ਵਿਅਕਤੀਆਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਇਨਾਂ ਪ੍ਰੋਜੈਕਟਾਂ ਨਾਲ, ਗਰੀਨ ਹਾਊਸ ਗੈਸਾਂ ਦਾ ਨਿਕਾਸ ਵੀ ਘਟੇਗਾ ਅਤੇ ਖੇਤੀ ਰਹਿੰਦ-ਖੂੰਹਦ ਤੋਂ ਕਿਸਾਨਾਂ ਦੀ ਆਮਦਨ ਵਧਣ ਨਾਲ ਪੇਂਡੂ ਆਰਥਿਕਤਾ ਨੂੰ ਹੁਲਾਰਾ ਮਿਲੇਗਾ।