ਰਜਿ: ਨੰ: PB/JL-124/2018-20
RNI Regd No. 23/1979

ਰਾਮ ਰਹੀਮ ਦੀ ਪੈਰੋਲ ਵਿਰੁੱਧ ਵੱਖ-ਵੱਖ ਸਿੱਖ ਲੀਡਰਾਂ ਅਤੇ ਜਥੇਬੰਦੀਆਂ ਵਲੋਂ ਤਿੱਖਾ ਵਿਰੋਧ - ਸਰਕਾਰ ਦੀ ਅਲੋਚਨਾ
 
BY admin / January 21, 2023
ਅੰਮ੍ਰਿਤਸਰ, 21 ਜਨਵਰੀ, (ਨਿਰਮਲ ਸਿੰਘ ਚੌਹਾਨ)- ਕਤਲ ਤੇ ਬਲਾਤਕਾਰ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਫਿਰ 40 ਦਿਨ ਦੀ ਪੈਰੋਲ ਮਿਲਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਤਲ ਅਤੇ ਬਲਾਤਕਾਰੀ ਇਸੇ ਤਰ੍ਹਾਂ ਸਮਾਜ ਵਿਚ ਵਿਚਰਣ ਲਈ ਖੁੱਲ੍ਹੇ ਛੱਡੇ ਜਾ ਸਕਦੇ ਹਨ, ਤਾਂ ਫਿਰ ਕੌਮੀ ਹੱਕਾਂ ਤੇ ਹਿੱਤਾਂ ਲਈ ਸੰਘਰਸ਼ ਕਰਨ ਵਾਲੇ ਬੰਦੀ ਸਿੰਘਾਂ ਨੂੰ ਰਿਹਾ ਕਰਨ ਵਿਚ ਕੀ ਮੁਸ਼ਕਲ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਰਕਾਰਾਂ ਦੀ ਇਹੀ ਦੋਹਰੀ ਨੀਤੀ ਸਿੱਖਾਂ ਅੰਦਰ ਬੇਵਿਸ਼ਵਾਸੀ ਦਾ ਮਾਹੌਲ ਸਿਰਜ ਰਹੀ ਹੈ। ਉਨ੍ਹਾਂ ਆਖਿਆ ਕਿ ਜੇਕਰ ਕਾਤਲ ਅਤੇ ਬਲਾਤਕਾਰ ਦੇ ਸੰਗੀਨ ਜੁਲਮਾਂ ਦੇ ਦੋਸ਼ੀ ਸੌਦਾ ਸਾਧ ਗੁਰਮੀਤ ਰਾਮ ਰਹੀਮ ਇਕ ਸਾਲ ਅੰਦਰ 4 ਵਾਰ ਬਾਹਰ ਆ ਸਕਦਾ ਹੈ ਤਾਂ ਫਿਰ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਸੇ ਤੋਂ ਸਿੱਖ ਕੌਮ ਵੱਲੋਂ ਉਠਾਈ ਜਾ ਰਹੀ ਅਵਾਜ਼ ਸਰਕਾਰਾਂ ਨੂੰ ਕਿਉਂ ਨਹੀਂ ਸੁਣ ਰਹੀ।  ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਦੇਸ਼ ਅੰਦਰ ਹਰ ਕੌਮ ਅਤੇ ਧਰਮ ਦੇ ਲੋਕ ਵੱਸਦੇ ਹਨ, ਪਰ ਦੁੱਖ ਇਸ ਗੱਲ ਹੈ ਕਿ ਇਥੇ ਸੰਵਿਧਾਨ ਦੀ ਉਲੰਘਣਾ ਕਰਕੇ ਘੱਟਗਿਣਤੀਆਂ ਪ੍ਰਤੀ ਵੱਖਰੀ ਨੀਤੀ ਤਹਿਤ ਅੱਗੇ ਵਧਿਆ ਜਾ ਰਿਹਾ ਹੈ। ਲਗਾਤਾਰ ਘੱਟਗਿਣਤੀ ਸਿੱਖਾਂ ਨੂੰ ਨਫ਼ਰਤ ਭਰੇ ਰਵੱਈਏ ਤਹਿਤ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਮੀਤ ਰਾਮ ਰਹੀਮ ਵਿਚ ਅਜਿਹੀ ਕੀ ਖਾਸੀਅਤ ਹੈ ਕਿ ਉਸ ਦੇ ਘਿਨੌਣੇ ਅਪਰਾਧਾਂ ਨੂੰ ਅੱਖੋਂ-ਓਹਲੇ ਕਰਕੇ ਉਸ ਨੂੰ ਬਾਰ-ਬਾਰ ਛੱਡਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀਆਂ ਤਿੰਨ-ਤਿੰਨ ਦਹਾਕੇ ਦੀਆਂ ਸਜ਼ਾਵਾਂ ਮਗਰੋਂ ਵੀ ਕਈਆਂ ਨੂੰ ਪੈਰੋਲ ਤੱਕ ਨਹੀਂ ਦਿੱਤੀ ਗਈ। ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਸਪੱਸ਼ਟ ਤੌਰ ‘ਤੇ ਕਿਹਾ ਕਿ ਉਹ ਘੱਟਗਿਣਤੀਆਂ ਪ੍ਰਤੀ ਪੱਖਪਾਤੀ ਰਵੱਈਆ ਨਾ ਅਪਨਾਉਣ ਅਤੇ ਸੰਵਿਧਾਨ ਦੇ ਦਾਇਰੇ ਤਹਿਤ ਹਰ ਧਰਮ ਦੇ ਲੋਕਾਂ ਨੂੰ ਹੱਕ ਹਕੂਕ ਯਕੀਨੀ ਬਣਾਉਣ। ਜੇਕਰ ਇਹੀ ਰਵੱਈਆ ਰਿਹਾ ਤਾਂ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਸਿੱਖਾਂ ਅੰਦਰ ਬੇਗਾਨਗੀ ਦਾ ਅਹਿਸਾਸ ਹੋਰ ਪ੍ਰਬਲ ਹੋਵੇਗਾ, ਜੋ ਦੇਸ਼ ਲਈ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੇ ਮਾਮਲੇ ਵਿਚ ਵੀ ਸਰਕਾਰਾਂ ਹਮਦਰਦੀ ਭਰੀ ਨੀਤੀ ਅਪਨਾਉਣ ਅਤੇ ਜੇਲਾਂ ਅੰਦਰ ਉਨ੍ਹਾਂ ਦੇ ਕਿਰਦਾਰਾਂ ਨੂੰ ਮੁੱਖ ਰੱਖ ਕੇ ਰਿਹਾਈ ਦਾ ਫੈਸਲਾ ਲੈਣ।
ਇਕ ਹੋਰ ਖਬਰ ਮੁਤਾਬਿਕ ਬਲਾਤਕਾਰ ਅਤੇ ਕਤਲ ਦੇ ਦੋਸ਼ੀ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ 40 ਦਿਨਾਂ ਦੀ ਪੈਰੋਲ ਮਿਲ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਰਾਮ ਰਹੀਮ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਗਿਆ ਹੈ ਅਤੇ ਇੱਥੋਂ ਉਹ ਯੂਪੀ ਦੇ ਬਰਨਾਵਾ ਆਸ਼ਰਮ ਜਾਵੇਗਾ। ਰਾਮ ਰਹੀਮ ਸਖ਼ਤ ਸੁਰੱਖਿਆ ਵਿਚਕਾਰ 40 ਦਿਨਾਂ ਦੀ ਪੈਰੋਲ ’ਤੇ ਜੇਲ੍ਹ ਤੋਂ ਬਾਹਰ ਆਇਆ ਹੈ। ਰਾਮ ਰਹੀਮ ਨੂੰ ਇਸ ਵਾਰ ਡੇਰਾ ਮੁਖੀ ਸ਼ਾਹ ਸਤਨਾਮ ਸਿੰਘ ਦੇ ਜਨਮ ਦਿਨ ਦੇ ਪ੍ਰੋਗਰਾਮ ’ਚ ਸ਼ਾਮਲ ਹੋਣ ਲਈ ਪੈਰੋਲ ਮਿਲੀ ਹੈ, ਜੋ ਕਿ 25 ਜਨਵਰੀ ਨੂੰ ਹੈ। ਓਧਰ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ਦੇ ਮਾਮਲੇ ’ਤੇ  ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਦਾ ਤਿੱਖਾ ਪ੍ਰਤੀਕਰਮ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦੇ ਸਿੰਘ ਸਾਹਿਬ ਜਥੇਦਾਰ ਬਲਬੀਰ ਸਿੰਘ ਮੁੱਖੀ ਬੁੱਢਾ ਦਲ 96 ਕਰੋੜੀ ਨੇ ਕਿਹਾ ਕਿ ਭਾਰਤ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਜਿਹਨਾਂ ਸਿੱਖਾਂ ਨੇ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ , ਉਨ੍ਹਾਂ ਨੂੰ ਵੀ ਰਿਹਾਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਖਾਲਸਾ ਪੰਥ ਚੰਡੀਗੜ ਵਿਖੇ ਡੇਰਾ ਲਾਈ ਬੈਠਾ ਹੈ ,ਜਿਹਨਾਂ ਨੂੰ ਬਗੈਰ ਮੰਗੇ ਸਰਕਾਰ ਵੋਟਾਂ ਲੈਣ ਵਾਸਤੇ ਇਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਤਾਂ ਸਾਰਿਆਂ ਦੀ ਸਾਂਝੀ ਹੁੰਦੀ ਹੈ,ਹਾਲੇ ਮਹੀਨਾ ਨਹੀਂ ਹੋਇਆ ਰਾਮ ਰਹੀਮ ਨੂੰ ਫ਼ਿਰ ਪੈਰੋਲ ਦਿੱਤੀ ਜਾ ਰਹੀ ਹੈ। ਸਾਡੀ ਸਾਰਿਆ ਦੀ ਮੰਗ ਬੰਦੀ ਸਿੰਘਾਂ ਨੂੰ ਰਿਹਾਅ ਕਰੋ। ਦਰਅਸਲ ਬਲਾਤਕਾਰ ਦੇ ਮਾਮਲੇ ’ਚ 20 ਸਾਲ ਅਤੇ ਹੱਤਿਆ ਦੇ ਮਾਮਲੇ ’ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ ਸ਼ੁੱਕਰਵਾਰ ਨੂੰ 40 ਦਿਨਾਂ ਦੀ ਪੈਰੋਲ ਮਿਲ ਗਈ ਸੀ। ਇਸ ਤੋਂ ਪਹਿਲਾਂ ਅਕਤੂਬਰ ਵਿੱਚ ਵੀ ਉਸ ਨੂੰ 40 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ ਜੋ ਕਿ 25 ਨਵੰਬਰ ਨੂੰ ਹੀ ਖਤਮ ਹੋਈ ਸੀ। ਜਿਸ ਅਨੁਸਾਰ ਉਨ੍ਹਾਂ ਨੂੰ 56 ਦਿਨਾਂ ਬਾਅਦ ਇੱਕ ਵਾਰ ਫਿਰ ਪੈਰੋਲ ਮਿਲੀ ਹੈ। ਰਾਮ ਰਹੀਮ  ਨੂੰ 14 ਮਹੀਨਿਆਂ ਵਿੱਚ ਚੌਥੀ ਵਾਰ ਪੈਰੋਲ ਮਿਲੀ ਹੈ। ਜਿਸ ਤੋਂ ਸਾਫ਼ ਨਜ਼ਰ ਆ ਰਿਹਾ ਹੈ ਕਿ ਹਰਿਆਣਾ ਸਰਕਾਰ ਰਾਮ ਰਹੀਮ ’ਤੇ ਮਿਹਰਬਾਨ ਹੈ। ਦੱਸ ਦੇਈਏ ਕਿ ਰਾਮ ਰਹੀਮ ਦੀ ਪੈਰੋਲ ਫਰਵਰੀ ’ਚ 21 ਦਿਨਾਂ ਲਈ ਮਨਜ਼ੂਰ ਹੋਈ ਸੀ। ਇਸ ਦੌਰਾਨ ਸਰਕਾਰ ਨੇ ਰਾਮ ਰਹੀਮ ਦੀ ਜਾਨ ਨੂੰ ਖਤਰਾ ਦੱਸਦੇ ਹੋਏ ਉਸ ਜ਼ੈੱਡ ਪਲੱਸ ਦੀ ਸੁਰੱਖਿਆ ਵੀ ਮੁਹੱਈਆ ਕਰਵਾਈ ਸੀ। ਪੈਰੋਲ ਦੌਰਾਨ ਰਾਮ ਰਹੀਮ ਜ਼ਿਆਦਾਤਰ ਆਪਣੇ ਗੁਰੂਗ੍ਰਾਮ ਆਸ਼ਰਮ ’ਚ ਹੀ ਰਿਹਾ। ਸਰਕਾਰ ਨੇ ਏਡੀਜੀਪੀ (ਸੀਆਈਡੀ) ਦੀ ਰਿਪੋਰਟ ਨੂੰ ਸੁਰੱਖਿਆ ਦਾ ਆਧਾਰ ਬਣਾਇਆ ਸੀ।
ਇਕ ਹਰੋ ਖਬਰ ਮੁਤਾਬਿਕ ਸੰਗੀਨ ਦੋਸ਼ਾਂ ਤਹਿਤ ਜੇਲ੍ਹ ਵਿਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਾਰ-ਬਾਰ ਪੈਰੋਲ ਦੇਣ ’ਤੇ ਇਤਰਾਜ਼ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ ਨੇ ਕਿਹਾ ਕਿ ਇਕ ਪਾਸੇ ਸਰਕਾਰਾਂ ਵੱਲੋਂ ਆਪਣੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਪ੍ਰਤੀ ਵਿਤਕਰੇ ਵਾਲੀ ਨੀਤੀ ਅਪਨਾਈ ਜਾ ਰਹੀ ਹੈ, ਜਦਕਿ ਦੂਸਰੇ ਪਾਸੇ ਕਈ ਦੋਸ਼ਾਂ ਤਹਿਤ ਜੇਲ੍ਹ ਵਿਚ ਬੰਦ ਅਪਰਾਧੀ ਸੌਦਾ ਸਾਧ ’ਤੇ ਮਿਹਰਬਾਨੀ ਦਿਖਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪੱਖਪਾਤੀ ਰਵੱਈਆ ਦੇਸ਼ ਦੇ ਹਿੱਤ ਵਿਚ ਨਹੀਂ ਹੈ। ਭਾਈ ਰਾਮ ਸਿੰਘ ਨੇ ਕਿਹਾ ਕਿ ਸਰਕਾਰਾਂ ਗੁਰਮੀਤ ਰਾਮ ਰਹੀਮ ਨੂੰ ਬਾਰ-ਬਾਰ ਬਾਹਰ ਲਿਆ ਕੇ ਕੀ ਸਿੱਧ ਕਰਨਾ ਚਾਹੁੰਦੀਆਂ ਹਨ। ਉਨ੍ਹਾਂ ਸਵਾਲ ਕੀਤਾ ਕੀ ਇਹ ਵੋਟਾਂ ਲਈ ਕੀਤੀ ਜਾ ਰਹੀ ਰਾਜਨੀਤੀ ਨਹੀਂ ਹੈ? ਉਨ੍ਹਾਂ ਕਿਹਾ ਕਿ ਤਿੰਨ-ਤਿੰਨ ਦਹਾਕਿਆਂ ਤੋਂ ਵੱਧ ਸਮਾਂ ਜੇਲ੍ਹਾਂ ਵਿਚ ਬੰਦ ਸਿੱਖਾਂ ਲਈ ਪੂਰੀ ਕੌਮ ਸੰਘਰਸ਼ ਦੇ ਰਾਹ ’ਤੇ ਹੋਣ ਦੇ ਬਾਵਜੂਦ ਵੀ ਉਨ੍ਹਾਂ ਪ੍ਰਤੀ ਸਰਕਾਰਾਂ ਦੀ ਉਦਾਸੀਨਤਾ ਹੈ। ਇਥੋਂ ਤੱਕ ਕਿ ਕਈ ਸਿੱਖਾਂ ਬੰਦੀਆਂ ਨੂੰ ਪੈਰੋਲ ਦੇ ਹੱਕ ਤੋਂ ਵੀ ਵਾਂਝਿਆਂ ਰੱਖਿਆ ਗਿਆ ਹੈ। ਸ਼੍ਰੋਮਣੀ ਕਮੇਟੀ ਮੈਂਬਰ ਨੇ ਕਿਹਾ ਕਿ ਅਪਰਾਧ ਦੀ ਪਰਿਭਾਸ਼ਾ ਦੋਸ਼ੀਆਂ ਲਈ ਵੱਖ-ਵੱਖ ਨਿਰਧਾਰਤ ਕਰਨੀ ਕਾਨੂੰਨ ਅਤੇ ਸੰਵਿਧਾਨ ਦੀ ਵੀ ਉਲੰਘਣਾ ਹੈ। ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵੱਲੋਂ ਸਿੱਖ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ, ਪਰ ਸਰਕਾਰ ਦੀ ਬਦਨੀਤੀ ਕਾਰਨ ਉਸ ਨੂੰ ਵੀ ਪੂਰਾ ਨਹੀਂ ਕੀਤਾ ਗਿਆ। ਸਿੱਖ ਸੰਸਥਾਵਾਂ ਵੱਲੋਂ ਇਸ ਮਸਲੇ ਨੂੰ ਵਾਰ-ਵਾਰ ਉਠਾਉਣ ’ਤੇ ਵੀ ਸਰਕਾਰਾਂ ਕੋਈ ਸਾਰਥਕ ਜਵਾਬ ਨਹੀਂ ਦੇ ਰਹੀਆਂ। ਜਦਕਿ ਡੇਰਾ ਮੁਖੀ ਜਿਸ ਦਾ ਕਤਲ ਤੇ ਜਬਰ ਜਨਾਹ ਦੇ ਨਾਲ-ਨਾਲ ਸਾਲ 2015 ਵਿਚ ਬਰਗਾੜੀ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਵੀ ਸਿੱਧਾ ਸਬੰਧ ਜੁੜਦਾ ਹੈ, ਨੂੰ ਛੱਡ ਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਜਾਣਬੁਝ ਕੇ ਸੱਟ ਮਾਰੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਰਾਮ ਰਹੀਮ ਨੂੰ ਸਰਕਾਰਾਂ ਵੱਲੋਂ ਦਿੱਤੀ ਜਾਂਦੀ ਸਰਪ੍ਰਸਤੀ ਨੂੰ ਸਿੱਖ ਭਾਵਨਾਵਾਂ ਕਦੇ ਵੀ ਬਰਦਾਸ਼ਤ ਨਹੀਂ ਕਰਨਗੀਆਂ ਅਤੇ ਇਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ। ਬਲਾਤਕਾਰ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ਚ ਬੰਦ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ 40 ਦਿਨਾਂ ਦੀ ਪੈਰੋਲ ਦੇਣਾਂ ਸਿੱਖਾਂ ਦੇ ਜ਼ਖਮਾਂ ਤੇ ਲੂਣ ਛਿੜਕਨ ਦੇ ਸਮਾਨ ਹੈ ਕਿਉਂਕਿ ਸਜਾਵਾਂ ਪੂਰੀਆਂ ਕਰ ਚੁੱਕਣ ਦੇ ਬਾਵਜ਼ੂਦ ਵੀ ਸਿੱਖ ਬੰਦੀਆਂ ਨੂੰ ਪੈਰੋਲ ਦਿੱਤੀ ਹੀ ਨਹੀਂ ਜਾ ਰਹੀ। ਉਕਤ ਵਿਚਾਰਾਂ ਦਾ ਪ੍ਰਗਟਾਵਾ ਆਲ ਇੰਡੀਆਂ ਸਿੱਖ ਸਟੂਡੈਂਟ ਫੈਡਰੇਸ਼ਨ (ਗਰੇਵਾਲ) ਦੇ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਐਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਓਹਨਾਂ ਕਿਹਾ ਕਿ ਡੇਰਾ ਮੁਖੀ ਨੂੰ ਪਿਛਲੇ ਇੱਕ ਸਾਲ ਚ ਚੌਥੀ ਪੈਰੋਲ ਮਿਲ ਰਹੀ ਹੈ ਜਦੋਂਕਿ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ 27 ਸਾਲਾਂ ਚ ਸਿਰਫ ਇੱਕ ਘੰਟੇ ਦੀ ਪੈਰੋਲ ਮਿਲੀ ਹੈ।