ਰਜਿ: ਨੰ: PB/JL-124/2018-20
RNI Regd No. 23/1979

ਨਹੀਂ ਰਹੀ ਕੌਮਾਂਤਰੀ ਬਾਸਕਟਬਾਲ ਖਿਡਾਰਣ ਕਿਰਨ ਅਜੀਤ ਪਾਲ ਸਿੰਘ
 
BY admin / May 20, 2023
ਚੰਡੀਗੜ੍ਹ, 20 ਮਈ (ਪ. ਪ.)-1975 ਦਾ ਹਾਕੀ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਦੀ ਕਪਤਾਨੀ ਕਰਨ ਵਾਲੇ ਪਦਮ ਸ਼੍ਰੀ ਅਤੇ ਓਲੰਪੀਅਨ ਅਜੀਤਪਾਲ ਸਿੰਘ ਨੂੰ ਉਸ ਸਮੇਂ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਪਤਨੀ ਅਤੇ ਅੰਤਰਰਾਸ਼ਟਰੀ ਬਾਸਕਟਬਾਲ ਖਿਡਾਰੀ ਕਿਰਨ ਅਜੀਤਪਾਲ ਸਿੰਘ ਦਾ ਦਿਹਾਂਤ ਹੋ ਗਿਆ। ਕਿਰਨ ਅਜੀਤਪਾਲ ਸਿੰਘ 69 ਸਾਲ ਦੀ ਉਮਰ ਵਿੱਚ ਅੱਜ ਨਵੀਂ ਦਿੱਲੀ ਵਿੱਚ ਅਕਾਲ ਚਲਾਣਾ ਕਰ ਗਏ। ਉਹ ਕੁਝ ਸਮੇਂ ਤੋਂ ਬਿਮਾਰ ਸੀ। ਕਿਰਨ ਅਜੀਤਪਾਲ ਸਿੰਘ ਦਾ ਅੰਤਿਮ ਸੰਸਕਾਰ ਭਲਕੇ ਨਵੀਂ ਦਿੱਲੀ ਵਿੱਚ ਕੀਤਾ ਜਾਵੇਗਾ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਹਾਕੀ ਓਲੰਪੀਅਨ ਅਜੀਤਪਾਲ ਸਿੰਘ ਨਾਲ ਦੁੱਖ ਸਾਂਝਾ ਕੀਤਾ ਅਤੇ ਉਨ੍ਹਾਂ ਦੀ ਪਤਨੀ ਦੀ ਮੌਤ ਨੂੰ ਖੇਡ ਜਗਤ ਲਈ ਵੱਡਾ ਘਾਟਾ ਦੱਸਿਆ। ਉਨ੍ਹਾਂ ਕਿਹਾ ਕਿ ਅਜੀਤਪਾਲ ਸਿੰਘ ਅਤੇ ਉਨ੍ਹਾਂ ਦੀ ਪਤਨੀ ਕਿਰਨ ਅਜੀਤਪਾਲ ਸਿੰਘ ਦੋਵਾਂ ਨੇ ਖੇਡਾਂ ਦੇ ਖੇਤਰ ਵਿੱਚ ਅੰਤਰਰਾਸ਼ਟਰੀ ਪੱਧਰ ‘ਤੇ ਭਾਰਤ ਦੀ ਨੁਮਾਇੰਦਗੀ ਕਰਕੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਮੀਤ ਹੇਅਰ ਨੇ ਅਜੀਤਪਾਲ ਸਿੰਘ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਕਿਰਨ ਅਜੀਤਪਾਲ ਸਿੰਘ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਫੇਸਬੁੱਕ ਪੋਸਟ ਪਾ ਕੇ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਅਤੇ ਪਰਿਵਾਰ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ਣ।