ਰਜਿ: ਨੰ: PB/JL-124/2018-20
RNI Regd No. 23/1979

ਤਿਹਾੜ ਜੇਲ੍ਹ ’ਚ ਸਤੇਂਦਰ ਜੈਨ ਦੀ ਸਿਹਤ ਵਿਗੜੀ ਇਲਾਜ ਲਈ ਲਿਆਂਦਾ ਸਫਦਰਜੰਗ ਹਸਪਤਾਲ
 
BY admin / May 22, 2023
ਨਵੀਂ ਦਿੱਲੀ, 22 ਮਈ (ਯੂ. ਐਨ. ਆਈ.)-ਮਨੀ ਲਾਂਡਰਿੰਗ ਦੇ ਦੋਸ਼ਾਂ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਸਤੇਂਦਰ ਜੈਨ ਦੀ ਸਿਹਤ ਵਿਗੜਨ ਦੀ ਸ਼ਿਕਾਇਤ ਤੋਂ ਬਾਅਦ ਸੋਮਵਾਰ ਨੂੰ ਇਲਾਜ ਲਈ ਸਫਦਰਜੰਗ ਹਸਪਤਾਲ ਲਿਆਂਦਾ ਗਿਆ। ਦੱਸ ਦੇਈਏ ਕਿ ਪਿਛਲੇ ਹਫ਼ਤੇ ਸੁਣਵਾਈ ਦੌਰਾਨ ਸਤੇਂਦਰ ਜੈਨ ਦੇ ਵਕੀਲ ਨੇ ਸੁਪਰੀਮ ਕੋਰਟ ਵਿੱਚ ਕਿਹਾ ਸੀ ਕਿ ਜੇਲ੍ਹ ਵਿੱਚ ਸਤੇਂਦਰ ਜੈਨ ਦਾ ਵਜ਼ਨ ਕਰੀਬ 35 ਕਿਲੋ ਘਟਿਆ ਹੈ। ਉਸ ਦੀ ਸਿਹਤ ਠੀਕ ਨਹੀਂ ਚੱਲ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀਰਵਾਰ (18 ਮਈ) ਨੂੰ ਸੁਪਰੀਮ ਕੋਰਟ ਨੇ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੋਂ ਜਵਾਬ ਮੰਗਿਆ ਸੀ। ਜਸਟਿਸ ਏਐਸ ਬੋਪੰਨਾ ਅਤੇ ਹਿਮਾ ਕੋਹਲੀ ਦੇ ਬੈਂਚ ਨੇ ਈਡੀ ਨੂੰ ਨੋਟਿਸ ਜਾਰੀ ਕਰਦੇ ਹੋਏ ਜੈਨ ਨੂੰ ਅਦਾਲਤ ਦੀ ਛੁੱਟੀ ਵਾਲੇ ਬੈਂਚ ਵਿੱਚ ਰਾਹਤ ਲਈ ਅਪੀਲ ਕਰਨ ਦੀ ਆਜ਼ਾਦੀ ਦਿੱਤੀ ਹੈ। ਇਸ ਦੌਰਾਨ ਸਤੇਂਦਰ ਜੈਨ ਦੀ ਤਰਫ਼ੋਂ ਦਲੀਲ ਦੇਣ ਵਾਲੇ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਦਲੀਲ ਦਿੱਤੀ ਸੀ ਕਿ ਸਾਬਕਾ ਮੰਤਰੀ ਦਾ ਜੇਲ੍ਹ ਵਿਚ ਰਹਿਣ ਦੌਰਾਨ 35 ਕਿਲੋ ਭਾਰ ਘਟ ਗਿਆ ਸੀ ਅਤੇ ਉਹ ਪਿੰਜਰ ਬਣ ਗਿਆ ਸੀ। ਉਹ ਕਈ ਬਿਮਾਰੀਆਂ ਤੋਂ ਪੀੜਤ ਹੈ। ਇਸ ਦੇ ਨਾਲ ਹੀ ਐਡੀਸ਼ਨਲ ਸਾਲਿਸਿਟਰ ਜਨਰਲ ਐਸਵੀ ਰਾਜੂ ਨੇ ਈਡੀ ਦੀ ਤਰਫ਼ੋਂ ਆਪਣਾ ਪੱਖ ਪੇਸ਼ ਕੀਤਾ। ਉਨ੍ਹਾਂ ਕਿਹਾ ਸੀ ਕਿ ਅਸੀਂ ਪਟੀਸ਼ਨ ਦਾ ਵਿਰੋਧ ਕਰਦੇ ਹਾਂ। ਇਸ ’ਤੇ ਅਦਾਲਤ ਨੇ ਅਗਲੀ ਸੁਣਵਾਈ ਲਈ ਕੋਈ ਸਪੱਸ਼ਟ ਤਰੀਕ ਨਹੀਂ ਦਿੱਤੀ ਅਤੇ ਕਿਹਾ ਕਿ ਸਤੇਂਦਰ ਜੈਨ ਰਾਹਤ ਲਈ ਛੁੱਟੀ ਵਾਲੇ ਬੈਂਚ ਕੋਲ ਅਪੀਲ ਕਰ ਸਕਦੇ ਹਨ।