ਰਜਿ: ਨੰ: PB/JL-124/2018-20
RNI Regd No. 23/1979

ਆਪ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਇਕ ਮਜ਼ਬੂਤ ਟੀਮ ਬਣਾਏਗੀ-ਆਪ ਆਗੂ
 
BY admin / February 23, 2021
ਅੰਮਿ੍ਰਤਸਰ, 23 ਫਰਵਰੀ, (ਨਿਰਮਲ ਸਿੰਘ ਚੋਹਾਨ)- ਆਮ ਆਦਮੀ ਪਾਰਟੀ ਦੇ ਸੂਬਾ ਆਗੂਆਂ ਨੇ ਅੰਮਿ੍ਰਤਸਰ ਅਤੇ ਜਲੰਧਰ ਵਿੱਚ ਪਾਰਟੀ ਦੇ ਅਹੁਦੇਦਾਰਾਂ, ਆਗੂਆਂ ਅਤੇ ਐਮਸੀ ਚੋਣਾਂ ਦੇ ਉਮੀਦਵਾਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਸੂਬੇ ਵਿੱਚ ਹੁਣੇ ਹੀ ਹੋਈਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਅਤੇ ਪਾਰਟੀ ਦੀਆਂ ਅਗਲੀਆਂ ਰਣਨੀਤੀਆਂ ਉਤੇ ਚਰਚਾ ਕੀਤੀ ਗਈ।ਪਾਰਟੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ’ਆਪ’ ਆਗੂਆਂ ਵੱਲੋਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਦੀ ਸਮੀਖਿਆ ਕੀਤੀ ਗਈ ਅਤੇ 2022 ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਅਗਲੀ ਰਣਨੀਤੀ ਉੱਤੇ ਚਰਚਾ ਕੀਤੀ। ਮੀਟਿੰਗ ਵਿੱਚ ’ਆਪ’ ਦੇ ਸੂਬਾ ਪ੍ਰਧਾਨ ਭਗਵੰਤ ਮਾਨ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਪਾਰਟੀ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਅਤੇ ਸਹਿ ਇੰਚਾਰਜ ਰਾਘਵ ਚੱਢਾ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੌਕੇ ਉੱਤੇ ’ਆਪ’ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਇਕ ਮਜ਼ਬੂਤ ਟੀਮ ਬਣਾਉਣ ਦਾ ਯਤਨ ਕਰ ਰਹੀ ਹੈ। ਪੰਜਾਬ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ ਅਤੇ ਲੋਕ ਆਮ ਆਦਮੀ ਪਾਰਟੀ ਨੂੰ ਇਕ ਬਦਲਾਅ ਦੇ ਰੂਪ ਵਿੱਚ ਦੇਖ ਰਹੇ ਹਨ। ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਮਹੱਤਵਪੂਰਣ ਟੀਮਾਂ ਤਿਆਰ ਕੀਤੀਆਂ ਜਾ ਰਹੀਆਂ ਹਨ ਅਤੇ ਪਾਰਟੀਆਂ ਦੀਆਂ ਰਣਨੀਤੀਆਂ ਉੱਤੇ ਵਿਚਾਰ ਕੀਤਾ ਜਾ ਰਿਹਾ ਹੈ। ਪਾਰਟੀ ਦੇ ਪੰਜਾਬ ਆਗੂਆਂ ਵੱਲੋਂ ਸਥਾਨਕ ਆਹੁਦੇਦਾਰਾਂ ਅਤੇ ਆਗੂਆਂ ਨਾਲ ਖੇਤਰਵਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਮੀਟਿੰਗਾਂ ਦਾ ਪਹਿਲਾ ਉਦੇਸ਼ ਸਥਾਨਕ ਸਰਕਾਰਾਂ ਦੀਆਂ ਚੋਣਾਂ ਦੌਰਾਨ ਹੌਂਸਲਾ, ਹਿੰਮਤ ਅਤੇ ਬਹਾਦਰੀ ਨਾਲ ਪ੍ਰਦਰਸ਼ਨ ਕਰਨ ਵਾਲੇ ਪਾਰਟੀ ਵਰਕਰਾਂ ਨੂੰ ਉਤਸ਼ਾਹਤ ਕਰਨਾ ਅਤੇ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਤਰੱਕੀ ਲਈ ਸੰਘਰਸ਼ ਕਰਨ ਵਾਸਤੇ ਪ੍ਰੇਰਿਤ ਕਰਨਾ ਹੈ।