ਰਜਿ: ਨੰ: PB/JL-124/2018-20
RNI Regd No. 23/1979

ਜ਼ਿਲ੍ਹੇ ਦੀਆਂ ਮੰਡੀਆਂ ’ਚ ਇਸ ਸੀਜ਼ਨ ਦੌਰਾਨ 3,42,321 ਮੀਟਿ੍ਰਕ ਟਨ ਕਣਕ ਦੀ ਖਰੀਦ ਦੀ ਸੰਭਾਵਨਾ : ਅਪਨੀਤ ਰਿਆਤ
 
BY admin / April 06, 2021
ਹੁਸ਼ਿਆਰਪੁਰ, 6 ਅਪ੍ਰੈਲ: ( ਤਰਸੇਮ ਦੀਵਾਨਾ /ਮੁਨੀਰ )ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਸਾਲ 2020-21 ਵਿੱਚ ਜ਼ਿਲ੍ਹੇ ਵਿੱਚ ਕਣਕ ਦੀ ਬਿਜਾਈ ਦਾ ਰਕਬਾ 1,42,000 ਹੈਕਟੇਅਰ ਰਿਹਾ ਹੈ ਅਤੇ ਇਸ ਸਾਲ ਸਾਲ ਮੰਡੀਆਂ ਵਿੱਚ 3,42,321 ਮੀਟਿ੍ਰਕ ਟਨ ਕਣਕ ਦੀ ਖਰੀਦ ਦੀ ਉਮੀਦ ਹੈ ਜੋ ਕਿ ਪਿਛਲੇ ਸਾਲ ਦੇ ਮੁਕਾਬਲੇ 31,120 ਮੀਟਿ੍ਰਕ ਟਨ ਵੱਧ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਮੰਡੀਆਂ ਤੋਂ 3,11,201 ਮੀਟਿ੍ਰਕ ਟਨ ਕਣਕ ਦੀ ਖਰੀਦ ਹੋਈ ਸੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚੋਂ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਸਰਕਾਰ ਵਲੋਂ ਖਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰਬੰਧ ਪੂਰੇ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਫ਼ਸਲ ਵੇਚਣ ਦੌਰਾਨ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਵਿਸ਼ਵ ਪੱਧਰ ’ਤੇ ਫੈਲੇ ਕੋਰੋਨਾ ਵਾਇਰਸ ਕਾਰਨ ਕਣਕ ਦੀ ਕਟਾਈ ਅਤੇ ਮੰਡੀਕਰਨ ਦਾ ਸੀਜ਼ਨ ਪਿਛਲੇ ਸਾਲ ਦੀ ਤਰ੍ਹਾਂ ਰਹਿਣ ਦੀ ਸੰਭਾਵਨਾ ਹੈ। ਉਨ੍ਹਾਂ ਕਿਸਾਨਾਂ ਨੂੰ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਕਣਕ ਦੀ ਕਟਾਈ ਅਤੇ ਮੰਡੀਕਰਨ ਦੇ ਕੰਮ ਵਿੱਚ ਵੱਧ ਮਜ਼ਦੂਰਾਂ ਦੀ ਜ਼ਰੂਰਤ ਹੋਣ ਕਾਰਨ ਉਨ੍ਹਾਂ ਵਿੱਚ ਸਮਾਜਿਕ ਦੂਰੀ, ਸਾਫ਼-ਸਫ਼ਾਈ ਦਾ ਧਿਆਨ ਵੀ ਰੱਖਣਾ ਹੋਵੇਗਾ।
 ਜੇਕਰ ਇਨ੍ਹਾਂ ਗੱਲਾਂ ਦਾ ਧਿਆਨ ਰੱਖਿਆ ਜਾਵੇ ਤਾਂ ਕਣਕ ਦੀ ਕਟਾਈ ਤੇ ਮੰਡੀਆਂ  ਵਿੱਚ ਕਣਕ ਦੇ ਮੰਡੀਕਰਨ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਤੋਂ ਬਚਿਆ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ 10 ਅਪ੍ਰੈਲ ਤੋਂ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਜਾਵੇਗੀ ਅਤੇ ਖਰੀਦ ਕੰਮਾਂ ਨੂੰ ਸੁਚਾਰੂ ਢੰਗ ਨਾਲ ਸੰਪਨ ਕਰਵਾਉਣ ਲਈ ਸਾਰੀਆਂ ਦਾਣਾ ਮੰਡੀਆਂ ਵਿੱਚ ਸਾਫ਼-ਸਫ਼ਾਈ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਮੰਡੀਆਂ ਨੂੰ ਸੈਨੇਟਾਈਜ਼ ਵੀ ਕੀਤਾ ਜਾ ਰਿਹਾ ਹੈ। 
 
ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਪੀਣ ਵਾਲੇ ਪਾਣੀ ਦਾ ਪ੍ਰਬੰਧ ਵੀ ਕਰ ਲਿਆ ਗਿਆ ਹੈ ਅਤੇ ਕਿਸਾਨਾਂ ਦੇ ਮੰਡੀ ਵਿੱਚ ਦਾਖਲ ਹੋਣ ਸਮੇਂ ਮਾਸਕ ਵੀ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਾਲ ਸਰਕਾਰ ਵਲੋਂ ਕਣਕ ਦੀ ਐਮ.ਐਸ.ਪੀ. 1975 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤੀ ਗਈ ਹੈ ਅਤੇ ਪੰਜਾਬ ਸਰਕਾਰ ਦੀ ਪਾਲਿਸੀ ਮੁਤਾਬਕ ਵੇਚੀ ਗਈ ਫ਼ਸਲ ਦੀ 72 ਘੰਟੇ ਵਿੱਚ ਲਿਫਟਿੰਗ ਅਤੇ 48 ਘੰਟੇ ਵਿੱਚ ਪੇਮੈਂਟ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਸਰਕਾਰ ਦੀ ਏਜੰਸੀ ਵਿੱਚ ਪਨਗਰੇਨ, ਮਾਰਕਫੈਡ, ਪਨਸਪ, ਵੇਅਰ ਹਾਊਸ ਕਾਰਪੋਰੇਸ਼ਨ ਅਤੇ ਐਫ.ਸੀ.ਆਈ. ਵਲੋਂ ਖਰੀਦ ਕੀਤੀ ਜਾਵੇਗੀ।
ਅਪਨੀਤ ਰਿਆਤ ਨੇ ਕਿਸਾਨਾਂ ਨੂੰ ਕਣਕ ਦੀ ਨਾੜ ਅਤੇ ਹੋਰ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਅੱਗ ਲਗਾਉਣ ਨਾਲ ਵਾਤਾਵਰਣ ਦੇ ਜੀਵ-ਜੰਤੂ, ਨੇੜੇ ਲੱਗੀ ਫ਼ਸਲ, ਸੜਕ ਕਿਨਾਰੇ ਲਗਾਏ ਪੌਦੇ ਅਤੇ ਦਰਖੱਤਾਂ ਨੂੰ ਨੁਕਸਾਨ ਹੋਣ ਦਾ ਡਰ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਅੱਗ ਲੱਗਣ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਤ ਹੁੰਦਾ ਹੈ, ਉਥੇ ਜਮੀਨ ਦੀ ਉਪਜਾਊ ਸ਼ਕਤੀ ਵੀ ਘੱਟ ਹੁੰਦੀ ਹੈ। ਇਸ ਨਾਲ ਜਮੀਨ ਦੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ। ਉਨ੍ਹਾਂ ਜ਼ਿਲ੍ਹੇ ਵਿੱਚ ਕੰਬਾਇਨ ਮਾਲਕਾਂ ਅਤੇ ਓਪਰੇਟਰਾਂ ਨੂੰ ਵੀ ਕਣਕ ਦੀ ਕਟਾਈ ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਦਰਮਿਆਨ ਨਾ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਕਣਕ ਦੀ ਕਟਾਈ ਕੰਬਾਇਨਾਂ ਨਾਲ ਕੀਤੀ ਜਾਂਦੀ ਹੈ ਅਤੇ ਕੰਬਾਇਨ ਮਾਲਕ ਜ਼ਿੰਮੀਦਾਰਾਂ ਨੂੰ ਫ਼ਸਲ ਦੀ ਕਟਾਈ ਦੇ ਸਹੀ ਸਮੇਂ ਬਾਰੇ ਜਾਣਕਾਰੀ ਦਿੰਦੇ ਅਤੇ ਰਾਤ ਦੇ ਸਮੇਂ ਵੀ ਫ਼ਸਲ ਦੀ ਕਟਾਈ ਕਰਦੇ ਹਨ। ਕਈ ਵਾਰ ਅਣਪੱਕੀ ਅਤੇ ਨਮੀ ਵਾਲੀ ਫ਼ਸਲ ਦੀ ਕਟਾਈ ਵੀ ਕਰ ਦਿੱਤੀ ਜਾਂਦੀ ਹੈ। ਇਸ ਤਰ੍ਹਾਂ ਦੀ ਫ਼ਸਲ ਖਰੀਦਣ ਸਮੇਂ ਖਰੀਦ ਏਜੰਸੀਆਂ ਗੁਰੇਜ਼ ਕਰਦੀਆਂ ਹਨ ਜਿਸ ਨਾਲ ਜ਼ਿੰਮੀਦਾਰਾਂ ਨੂੰ ਕਾਫ਼ੀ ਮੁਸ਼ਕਲ ਪੇਸ਼ ਆਉਂਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਨਿਰਧਾਰਤ ਨਮੀ ਵਾਲੀ ਕਣਕ ਹੀ ਮੰਡੀਆਂ ਵਿੱਚ ਲਿਆਉਣ ਲਈ ਕਿਹਾ ਹੈ।