ਰਜਿ: ਨੰ: PB/JL-124/2018-20
RNI Regd No. 23/1979

ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ’ਚ ਪੰਥਕ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਵਿਰੁੱਧ ਕੱਢਿਆ ਰੋਸ ਮਾਰਚ
 
BY admin / April 06, 2021
ਅੰਮਿ੍ਰਤਸਰ, 6 ਅਪ੍ਰੈਲ (ਨਿਰਮਲ ਸਿੰਘ ਚੋਹਾਨ)    ਲਾਪਤਾ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦਾ ਹਿਸਾਬ ਲੈਣ ਅਤੇ ਦੋਸ਼ੀਆਂ ਉੱਤੇ ਪਰਚੇ ਦਰਜ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਅੰਮਿ੍ਰਤਸਰ, ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਅਤੇ ਸਮੂਹ ਪੰਥਕ ਜਥੇਬੰਦੀਆਂ ਵੱਲੋਂ ਰੋਸ ਮਾਰਚ ਕੱਢਿਆ ਗਿਆ। ਇਹ ਮਾਰਚ ਸ਼੍ਰੋਮਣੀ ਅਕਾਲੀ ਦਲ ਅੰਮਿ੍ਰਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਸਪੁੱਤਰ ਅਤੇ ਯੂਥ ਅਕਾਲੀ ਦਲ ਅੰਮਿ੍ਰਤਸਰ ਦੇ ਪ੍ਰਧਾਨ ਈਮਾਨ ਸਿੰਘ ਮਾਨ, ਜਸਕਰਨ ਸਿੰਘ ਕਾਹਨਸਿੰਘਵਾਲਾ, ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਖੁਸਰੋਪੁਰ, ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪ੍ਰਧਾਨ ਭਾਈ ਬਲਬੀਰ ਸਿੰਘ ਮੁੱਛਲ ਅਤੇ ਭਾਈ ਹਰਪਾਲ ਸਿੰਘ ਬਲੇਰ ਦੀ ਅਗਵਾਈ ਚ ਕੱਢਿਆ ਗਿਆ। ਇਸ ਮੌਕੇ ਆਗੂਆਂ ਨੇ ਸਾਂਝੇ ਤੌਰ ’ਤੇ ਕਿਹਾ ਕਿ ਖ਼ਾਲਸਾ ਪੰਥ ਅਤੇ ਸਿੱਖ ਕੌਮ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਸਭ ਤੋਂ ਸਿਰਮੌਰ ਤੇ ਸਤਿਕਾਰਯੋਗ ਹਨ ਤੇ ਜਿਨ੍ਹਾਂ ਸ਼ਕਤੀਆਂ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਸਿੱਖ ਕੌਮ ਦੇ ਮਨਾਂ ਅਤੇ ਆਤਮਾਵਾਂ ਨੂੰ ਡੂੰਘੀ ਠੇਸ ਪਹੁੰਚਾਉਣ ਦੀ ਗੁਸਤਾਖੀ ਕੀਤੀ ਹੈ ਉਹ ਕਿਸੇ ਵੀ ਕੀਮਤ ਉੱਤੇ ਬਖਸ਼ੇ ਨਹੀਂ ਜਾਣਗੇ। ਅੱਜ ਦੇ ਇਕੱਠ ਵਿੱਚ ਸ਼ਾਮਲ ਆਗੂਆਂ ਨੇ ਉਮੀਦ ਪ੍ਰਗਟ ਕੀਤੀ ਕਿ ਸ਼੍ਰੋਮਣੀ ਕਮੇਟੀ ਦੀ ਮੌਜੂਦਾ ਪ੍ਰਧਾਨ ਬੀਬੀ ਜਗੀਰ ਕੌਰ ਦੋਸ਼ੀ ਅਧਿਕਾਰੀਆਂ ਨੂੰ ਸਾਹਮਣੇ ਲਿਆਉਣ ਲਈ ਅੰਮਿ੍ਰਤਸਰ ਦੇ ਪੁਲਿਸ ਕਮਿਸ਼ਨਰ ਨੂੰ ਮਿਲ ਕੇ ਐੱਫ ਆਈ ਆਰ ਦਰਜ ਕਰਵਾਉਂਦੇ ਹੋਏ ਸਿੱਖ ਕੌਮ ਨੂੰ ਇਨਸਾਫ਼ ਦਿਵਾਉਣ ਲਈ ਭੂਮਿਕਾ ਨਿਭਾਉਣਗੇ, ਨਹੀਂ ਤਾਂ ਸ਼੍ਰੋਮਣੀ ਅਕਾਲੀ ਦਲ ਅੰਮਿ੍ਰਤਸਰ ਅਤੇ ਸਮੁੱਚੀਆਂ ਪੰਥਕ ਜਥੇਬੰਦੀਆਂ ਸਿੱਖ ਕੌਮ ਨੂੰ ਇਸ ਮਿਸ਼ਨ ਦੀ ਪ੍ਰਾਪਤੀ ਲਈ ਸਖ਼ਤ ਐਕਸ਼ਨ ਵਾਲਾ ਪ੍ਰੋਗਰਾਮ ਉਲੀਕਣ ਲਈ ਮਜ਼ਬੂਰ ਹੋਣਗੀਆਂ।ਉਹਨਾਂ ਕਿਹਾ ਕਿ ਇਹ ਸੰਘਰਸ਼ ਓਦੋਂ ਤਕ ਖ਼ਤਮ ਨਹੀਂ ਹੋਵੇਗਾ ਜਦੋਂ ਤੱਕ ਸ਼੍ਰੋਮਣੀ ਕਮੇਟੀ ਸੰਗਤਾਂ ਨੂੰ 328 ਸਰੂਪਾਂ ਦਾ ਹਿਸਾਬ ਨਹੀਂ ਮਿਲਦਾ ਤੇ ਦੋਸ਼ੀਆਂ ਉੱਤੇ ਕੇਸ ਦਰਜ ਨਹੀਂ ਹੁੰਦੇ। ਉਹਨਾਂ ਕਿਹਾ ਕਿ ਇਹਨਾਂ ਪਾਵਨ ਸਰੂਪ ਨੂੰ ਗਾਇਬ ਕਰਨ ਪਿੱਛੇ ਬਹੁਤ ਵੱਡੀ ਸਾਜਿਸ਼ ਹੈ ਤੇ ਕੋਹਲੀ ਵਰਗੇ ਹੋਰ ਕਈ  ਵੱਡੇ ਮਗਰਮੱਛਾਂ ਨੂੰ ਬਚਾ ਲਿਆ ਗਿਆ ਹੈ।ਇਸ ਮੌਕੇ ਮਾਸਟਰ ਕਰਨੈਲ ਸਿੰਘ ਨਾਰੀਕੇ, ਕੁਲਦੀਪ ਸਿੰਘ ਭਾਗੋਵਾਲ, ਹਰਪਾਲ ਸਿੰਘ ਬਲੇਰ, ਕੁਲਵੰਤ ਸਿੰਘ ਮਝੈਲ, ਜਤਿੰਦਰ ਸਿੰਘ ਪੰਨੂ, ਸੁਖਜੀਤ ਕੌਰ, ਅਮਰੀਕ ਸਿੰਘ ਨੰਗਲ, ਮਹਿੰਦਰ ਸਿੰਘ ਭਟਨੂਰਾ, ਅਰਸ਼ਦੀਪ ਸਿੰਘ ਬੱਲੋਚੱਕ, ਕਰਤਾਰ ਸਿੰਘ ਪਠਾਨਕੋਟ ਆਦਿ ਹਾਜ਼ਰ ਸਨ।