ਰਜਿ: ਨੰ: PB/JL-124/2018-20
RNI Regd No. 23/1979

ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਦੇ ਵਫਦ ਨੇ ਵਿਧਾਇਕ ਰਾਜਾ ਵੜਿੰਗ ਨੂੰ ਦਿੱਤਾ ਮੰਗ ਪੱਤਰ

BY admin / May 03, 2021
ਰੁਪਾਣਾ/ਸ੍ਰੀ ਮੁਕਤਸਰ ਸਾਹਿਬ, 3 ਮਈ (ਰਜੇਸ਼ ਨੀਟਾ)-ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ਤੇ  ਬਲਾਕ ਸ੍ਰੀ ਮੁਕਤਸਰ ਸਾਹਿਬ ਅਤੇ ਬਲਾਕ ਗਿੱਦੜਬਾਹਾ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਅੱਜ ਸੂਬਾ ਪ੍ਰਧਾਨ  ਹਰਗੋਬਿੰਦ ਕੌਰ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਉਹਨਾਂ ਦੇ ਘਰ ਸ੍ਰੀ ਮੁਕਤਸਰ ਸਾਹਿਬ ਵਿਖੇ ਜਾ ਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਮੰਗ ਪੱਤਰ ਦਿੱਤਾ । ਯੂਨੀਅਨ ਦੇ ਵਫਦ ਨੇ ਵਿਧਾਇਕ ਨੂੰ ਪੁਰਜੋਰ ਅਪੀਲ ਕੀਤੀ ਕਿ ਉਹਨਾਂ ਦੀ ਅਵਾਜ ਸਰਕਾਰ ਤੱਕ ਪਹੁੰਚਾਈ ਜਾਵੇ । ਆਗੂਆਂ ਨੇ ਕਿਹਾ ਕਿ ਜੇਕਰ ਉਹਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਕਾਂਗਰਸ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ ਤੇ ਖੂਨ ਨਾਲ ਮੰਗ ਪੱਤਰ ਲਿਖ ਕੇ ਦਿੱਤੇ ਜਾਣਗੇ । ਯੂਨੀਅਨ ਦੀ ਮੰਗ ਹੈ ਕਿ ਆਂਗਣਵਾੜੀ ਸੈਂਟਰਾਂ ਦੇ 3 ਸਾਲ ਤੋਂ 6 ਸਾਲ ਤੱਕ ਦੇ ਬੱਚੇ ਜੋ ਸਰਕਾਰ ਨੇ 2017 ਵਿੱਚ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਭੇਜ ਦਿੱਤੇ ਸਨ , ਨੂੰ ਹੋਏ ਸਮਝੌਤੇ ਅਨੁਸਾਰ ਵਾਪਸ ਸੈਂਟਰਾਂ ਵਿੱਚ ਭੇਜਿਆ ਜਾਵੇ । ਨਰਸਰੀ ਟੀਚਰ ਦਾ ਦਰਜਾ ਆਂਗਣਵਾੜੀ ਵਰਕਰਾਂ ਨੂੰ ਦਿੱਤਾ ਜਾਵੇ ।  ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ । ਐਨ ਜੀ ਓ ਅਧੀਨ ਕੰਮ ਕਰਦੀਆਂ ਵਰਕਰਾਂ ਤੇ ਹੈਲਪਰਾਂ ਅਤੇ ਕਰੈੱਚ ਵਰਕਰਾਂ ਨੂੰ ਵਿਭਾਗ ਅਧੀਨ ਲਿਆਂਦਾ ਜਾਵੇ । ਵਰਕਰਾਂ ਨੂੰ ਸਮਾਰਟ ਫੋਨ ਦਿੱਤੇ ਜਾਣ , ਉਤਸਾਹ ਵਰਧਕ ਰਾਸੀ ਕ੍ਰਮਵਾਰ ਵਰਕਰ ਤੇ ਹੈਲਪਰ ਨੂੰ 500 ਰੁਪਏ ਤੇ 250 ਰੁਪਏ ਦਿੱਤੇ ਜਾਣ । ਸਰਕਲ ਮੀਟਿੰਗ ਦਾ ਕਿਰਾਇਆ 200 ਰਪਏ ਦਿੱਤਾ ਜਾਵੇ । ਪੀ ਐਮ ਵੀ ਵਾਈ ਦੇ 2017 ਤੋਂ ਪੈਡਿੰਗ ਪਏ ਪੈਸੇ ਰਲੀਜ ਕੀਤੇ ਜਾਣ । 2015 ਵਿੱਚ ਗਲਤ ਸਰਟੀਫਿਕੇਟ ਪੇਸ ਕਰਕੇ ਵਰਕਰ ਤੋਂ ਸੁਪਰਵਾਈਜਰ ਬਣੀਆਂ , ਸੁਪਰਵਾਈਜਰਾਂ ਜਿਨਾਂ ਦੇ ਖਿਲਾਫ ਮਹਿਕਮੇ ਵੱਲੋਂ ਪੜਤਾਲ ਪੂਰੀ ਹੋ ਚੁੱਕੀ ਹੈ , ਨੂੰ ਤੁਰੰਤ ਨੌਕਰੀ ਤੋਂ ਫਾਰਗ ਕਰਕੇ 420 ਦੇ ਪਰਚੇ ਦਰਜ ਕਰਵਾਏ ਜਾਣ । ਮਹਿਕਮੇ ਵਿੱਚ ਪਿਛਲੇ ਤਿੰਨ ਸਾਲਾਂ ਤੋਂ ਖਾਲੀ ਪਈਆਂ ਵਰਕਰਾਂ ਤੇ ਹੈਲਪਰਾਂ ਦੀਆਂ ਅਸਾਮੀਆਂ ਤੁਰੰਤ ਭਰੀਆਂ ਜਾਣ । ਮਿੰਨੀ ਆਂਗਣਵਾੜੀ ਵਰਕਰ ਨੂੰ ਪੂਰੀ ਆਂਗਣਵਾੜੀ ਵਰਕਰ ਦਾ ਦਰਜਾ ਦਿੱਤਾ ਜਾਵੇ । ਇਸੇ ਦੌਰਾਨ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਫਦ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਦਾ ਇਕ ਹਿੱਸਾ ਹਨ ਤੇ ਸਰਕਾਰ ਤੇ ਦਬਾਅ ਬਣਾਉਣਗੇ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਸਾਰੀਆਂ ਮੰਗਾਂ ਜਾਇਜ ਹਨ ਤੇ ਇਹਨਾਂ ਨੂੰ ਤੁਰੰਤ ਮੰਨਿਆ ਜਾਵੇ । ਇਸ ਮੌਕੇ ਜਿਲਾ ਪ੍ਰਧਾਨ ਛਿੰਦਰਪਾਲ ਕੌਰ ਥਾਂਦੇਵਾਲਾ , ਅੰਮਿ੍ਰਤਪਾਲ ਕੌਰ, ਸੁਖਵਿੰਦਰ ਕੌਰ ਸੰਗੂਧੌਣ, ਸੁਖਚਰਨ ਕੌਰ ਧਿਗਾਨਾ , ਉਰਮਿਲਾ ਦੋਦਾ, ਸੁਖਵਿੰਦਰ ਕੌਰ ਦੋਦਾ, ਇਕਬਾਲ ਕੌਰ ਲੁਹਾਰਾ , ਮੀਨਾਕਸੀ ਤੇ ਰਾਜਿੰਦਰ ਕੌਰ ਆਦਿ ਆਗੂ ਮੌਜੂਦ ਸਨ ।