ਰਜਿ: ਨੰ: PB/JL-124/2018-20
RNI Regd No. 23/1979

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਮੁੜ੍ਹ ਆਰੰਭੇ ਜਾਣਗੇ - ਬੀਬੀ ਜਗੀਰ ਕੌਰ
 
BY admin / July 20, 2021
ਅੰਮਿ੍ਰਤਸਰ, 20 ਜੁਲਾਈ, (ਨਿਰਮਲ ਸਿੰਘ ਚੌਹਾਨ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਰੰਗ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਲੜੀ ਮੁੜ ਆਰੰਭਣ ਦਾ ਫੈਸਲਾ ਕੀਤਾ ਗਿਆ ਹੈ। ਇਸ ਤਹਿਤ ਪੰਜਾਬ ਅਤੇ ਦੇਸ਼ ਦੇ ਹੋਰਨਾਂ ਸੂਬਿਆਂ ਅੰਦਰ ਵੱਖ-ਵੱਖ ਥਾਵਾਂ ’ਤੇ ਸਮਾਗਮ ਆਯੋਜਤ ਕੀਤੇ ਜਾਣਗੇ ਅਤੇ ਵਿਸ਼ਾਲ ਪੱਧਰ ’ਤੇ ਮੁੱਖ ਸਮਾਗਮ ਵੀ ਹੋਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੋਰੋਨਾ ਕਾਰਨ 400 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮ ਸੰਖੇਪ ਰੂਪ ਵਿਚ ਕੀਤੇ ਗਏ ਸਨ ਅਤੇ ਜੇਕਰ ਹਾਲਾਤ ਸੁਖਾਵੇਂ ਰਹੇ ਤਾਂ ਜਲਦ ਹੀ ਸਮਾਗਮ ਮੁੜ ਆਰੰਭੇ ਜਾਣਗੇ। ਉਨਾਂ ਕਿਹਾ ਕਿ ਇਸ ਸਬੰਧ ਵਿਚ ਪ੍ਰਚਾਰਕਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ, ਜੋ ਵੱਖ-ਵੱਖ ਥਾਵਾਂ ’ਤੇ ਸਮਾਗਮਾਂ ਦੀ ਰੂਪ-ਰੇਖਾ ਉਲੀਕਣਗੇ। ਉਨਾਂ ਦੱਸਿਆ ਕਿ ਅੰਤਿ੍ਰੰਗ ਕਮੇਟੀ ਨੇ ਪਿੰਡਾਂ ਦੇ ਉਨਾਂ ਗ੍ਰੰਥੀਆਂ ਨੂੰ 2 ਹਜ਼ਾਰ ਰੁਪਏ ਮਾਸਿਕ ਸਹਾਇਤਾ ਦੇਣ ਦਾ ਵੀ ਫੈਸਲਾ ਕੀਤਾ ਹੈ, ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰਹਿਤ ਮਰਯਾਦਾ ਨੂੰ ਸਮਰਪਿਤ ਹਨ ਅਤੇ ਘੱਟੋ-ਘੱਟ 10 ਲੋਕਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਥਿਆ ਨਿਰੰਤਰ ਦੇਣਗੇ। ਉਨਾਂ ਕਿਹਾ ਕਿ ਇਹ ਗ੍ਰੰਥੀ ਸ਼ੁੱਧ ਗੁਰਬਾਣੀ ਉਚਾਰਨ ਅਤੇ ਇਤਿਹਾਸ ਤੋਂ ਜਾਣੂ ਹੋਣੇ ਚਾਹੀਦੇ ਹਨ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਅੰਤਿ੍ਰੰਗ ਕਮੇਟੀ ਨੇ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਦਵਾਈਆਂ ਦੇ ਸਟੋਰ ਅਤੇ ਟੈਸਟਾਂ ਲਈ ਲੈਬ ਖੋਲਣ ਦਾ ਵੀ ਫੈਸਲਾ ਕੀਤਾ ਹੈ। ਉਨਾਂ ਦੱਸਿਆ ਕਿ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਇਸ ਸਬੰਧ ਵਿਚ ਫੈਸਲਾ ਕੀਤਾ ਗਿਆ ਸੀ, ਜਿਸ ਦੀ ਤਿਆਰੀ ਚੱਲ ਰਹੀ ਹੈ। ਇਸ ਦੇ ਵਿਸਥਾਰ ਵਿਚ ਹੁਣ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਵੀ ਇਹ ਸਟੋਰ ਅਤੇ ਲੈਬ ਖੋਲੀਆਂ ਜਾਣਗੀਆਂ। ਉਨਾਂ ਕਿਹਾ ਕਿ ਸਿੱਖ ਸੰਸਥਾ ਦਾ ਮੰਤਵ ਬਿਨਾ ਲਾਭ-ਹਾਨੀ ਦੇ ਲੋੜਵੰਦਾਂ ਨੂੰ ਸਸਤੀਆਂ ਦਵਾਈਆਂ ਮੁਹੱਈਆ ਕਰਵਾਉਣਾ ਹੈ। ਉਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਰਾਹੀਂ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਵੀ ਲੋਕਾਂ ਨੂੰ ਵੱਡੀਆਂ ਸਹੂਲਤਾਂ ਦਿੱਤੀਆਂ ਗਈਆਂ। ਇਸ ਤਹਿਤ ਕੋਰੋਨਾ ਕੇਅਰ ਵਾਰਡ ਅਤੇ ਕੋਰੋਨਾ ਵੈਕਸੀਨ ਦਾ ਵਿਸ਼ਾਲ ਪੱਧਰ ’ਤੇ ਪ੍ਰਬੰਧ ਕੀਤਾ ਗਿਆ। ਉਨਾਂ ਦੱਸਿਆ ਕਿ ਹੁਣ ਤੱਕ ਕਰੀਬ ਪੌਣੇ ਦੋ ਕਰੋੜ ਰੁਪਏ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਸੇਵਾਵਾਂ ਤਹਿਤ ਖਰਚੇ ਜਾ ਚੁੱਕੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਸੇਵਾਵਾਂ ਨਿਰੰਤਰ ਜਾਰੀ ਰਹਿਣਗੀਆਂ ਅਤੇ ਲੋੜ ਅਨੁਸਾਰ ਹਰ ਤਰਾਂ ਦੇ ਪ੍ਰਬੰਧ ਕੀਤੇ ਜਾਣਗੇ। 
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਮਾਤਾ ਸਾਹਿਬ ਕੌਰ ਕਾਲਜ ਵਿਚ ਹੁਣ 400 ਅੰਮਿ੍ਰਤਧਾਰੀ ਬੱਚੀਆਂ ਨੂੰ ਮੁਫ਼ਤ ਪੜਾਉਣ ਦਾ ਫੈਸਲਾ ਕੀਤਾ ਗਿਆ ਹੈ। ਇਨਾਂ ਬੱਚੀਆਂ ਦੀ ਰਿਹਾਇਸ਼ ਤੇ ਖਾਣੇ ਦਾ ਪ੍ਰਬੰਧ ਵੀ ਸ਼੍ਰੋਮਣੀ ਕਮੇਟੀ ਕਰੇਗੀ। ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ  200 ਬੱਚੀਆਂ ਨੂੰ ਇਹ ਸਹੂਲਤ ਦਿੱਤੀ ਜਾ ਰਹੀ ਸੀ। ਉਨਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਇੰਜੀਨੀਅਰਿੰਗ ਕਾਲਜਾਂ ਵਿਚ ਦਾਖ਼ਲ ਹੋਣ ਵਾਲੇ ਵਿਦਿਆਰਥੀਆਂ ਨੂੰ 30 ਹਜ਼ਾਰ ਰੁਪਏ ਤੱਕ ਦੀ ਛੋਟ ਦਿੱਤੀ ਜਾਵੇਗੀ। 
ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਦੀਆਂ ਸੰਗਤਾਂ ਨੂੰ ਰਿਹਾਇਸ਼ ਦੀ ਸਹੂਲਤ ਦਾ ਵਿਸਥਾਰ ਕਰਨ ਲਈ ਜਲਦ ਹੀ ਨਵੀਆਂ ਸਰਾਵਾਂ ਦਾ ਨਿਰਮਾਣ ਕਰੇਗੀ। ਇਸ ਤਹਿਤ ਸ੍ਰੀ ਗੁਰੂ ਰਾਮਦਾਸ ਸਰਾ ਵਾਲੀ ਜਗਾ ’ਤੇ ਨਾ-ਵਰਤੋਂਯੋਗ ਕਮਰਿਆਂ ਦੀ ਥਾਂ ਨਵੇਂ ਕਮਰੇ ਬਣਾਏ ਜਾਣਗੇ, ਪਰ ਬਾਹਰੀ ਦਿੱਖ ਨੂੰ ਹੂਬਹੂ ਕਾਇਮ ਰੱਖਿਆ ਜਾਵੇਗਾ। ਬੀਬੀ ਜਗੀਰ ਕੌਰ ਨੇ ਇਹ ਵੀ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਸਰਾਂ ਵਿਚ ਜੂਨ 1984 ਦੇ ਘੱਲੂਘਾਰੇ ਸਮੇਂ ਬਹੁਤ ਸਾਰੇ ਸਿੰਘਾਂ ਦੀਆਂ ਸ਼ਹਾਦਤਾਂ ਵੀ ਹੋਈਆਂ ਹਨ, ਜਿਨਾਂ ਦੀ ਯਾਦ ਨੂੰ ਸੰਭਾਲਣ ਲਈ ਸਰਾਂ ਦੀ ਢੁੱਕਵੀਂ ਥਾਂ ’ਤੇ ਉਨਾਂ ਦੇ ਨਾਮ ਲਿਖੇ ਜਾਣਗੇ ਅਤੇ ਤਸਵੀਰਾਂ ਵੀ ਲਗਾਈਆਂ ਜਾਣਗੀਆਂ। ਇਸ ਤੋਂ ਇਲਾਵਾ ਪਹਿਲੀਆਂ ਸਾਰੀਆਂ ਸਰਾਵਾਂ ਦੇ ਕਮਰਿਆਂ ਦੀ ਲੋੜ ਅਨੁਸਾਰ ਮੁਰੰਮਤ ਵੀ ਕਰਵਾਈ ਜਾਵੇਗੀ। ਬੀਬੀ ਜਗੀਰ ਕੌਰ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਸ਼੍ਰੋਮਣੀ ਕਮੇਟੀ ਨੇ ਕਿਸਾਨ ਸੰਘਰਸ਼ ਦੌਰਾਨ ਅਕਾਲ ਚਲਾਣਾ ਕਰਨ ਵਾਲੇ ਕਿਸਾਨਾਂ ਦੇ ਨਾਲ ਨਾਲ ਜ਼ਖ਼ਮੀ ਅਤੇ ਬਿਮਾਰ ਕਿਸਾਨਾਂ ਦੀ ਮੱਦਦ ਲਈ ਤਿੰਨ ਕਰੋੜ ਰੁਪਏ ਦੇ ਕਰੀਬ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ।
ਸ੍ਰੀ ਦਰਬਾਰ ਸਾਹਿਬ ਦੇ ਬਾਹਰ ਤਿਆਰ ਕੀਤੇ ਜਾ ਰਹੇ ਜੋੜਾ ਘਰ ਅਤੇ ਵਹੀਕਲ ਸਟੈਂਡ ਦੀ ਖੁਦਾਈ ਦੌਰਾਨ ਮਿਲੇ ਇਮਾਰਤੀ ਢਾਂਚੇ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਬਾਰੇ ਪੁਰਾਤਤਵ ਵਿਭਾਗ ਦੀ ਟੀਮ ਪੁੱਜ ਗਈ ਹੈ ਅਤੇ ਜੇਕਰ ਇਸ ਦਾ ਸਬੰਧ ਸਿੱਖ ਇਤਿਹਾਸ ਨਾਲ ਜੁੜਦਾ ਹੋਇਆ ਤਾਂ ਇਸ ਨੂੰ ਸੰਭਾਲਿਆ ਜਾਵੇਗਾ। ਉਨਾਂ ਕਿਹਾ ਕਿ ਉਂਝ ਇਹ ਗਲਿਆਰਾ 1984 ਦੇ ਫ਼ੌਜੀ ਹਮਲੇ ਮਗਰੋਂ ਸਰਕਾਰ ਨੇ ਲੋਕਾਂ ਦੇ ਘਰ ਅਤੇ ਦੁਕਾਨਾਂ ਆਦਿ ਢਾਹ ਕੇ ਬਣਾਇਆ ਸੀ। ਉਨਾਂ ਕਿਹਾ ਕਿ ਇਸ ਮਾਮਲੇ ਵਿਚ ਰਾਜਨੀਤੀ ਨਹੀਂ ਹੋਣੀ ਚਾਹੀਦੀ, ਕਿਉਂਕਿ ਸ਼੍ਰੋਮਣੀ ਕਮੇਟੀ ਜ਼ੁੰਮੇਵਾਰ ਸੰਸਥਾ ਹੁੰਦਿਆਂ ਸੰਜੀਦਾ ਤੌਰ ’ਤੇ ਕਾਰਜ ਕਰ ਰਹੀ ਹੈ। ਅੰਤਿ੍ਰੰਗ ਕਮੇਟੀ ਵੱਲੋਂ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸਾਬਕਾ ਹੈੱਡ ਗ੍ਰੰਥੀ ਗਿਆਨੀ ਭਗਵਾਨ ਸਿੰਘ ਅਤੇ ਸਾਬਕਾ ਮੀਤ ਪ੍ਰਧਾਨ ਸ. ਦਲੀਪ ਸਿੰਘ ਮੱਲੂਨੰਗਲ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦੀ ਪ੍ਰਵਾਨਗੀ ਦੇਣ ਦੇ ਨਾਲ-ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੋਹਨ ਸਿੰਘ ਆਪਣਾ ਮਕਾਨ ਸ੍ਰੀ ਦਰਬਾਰ ਸਾਹਿਬ ਦੇ ਨਾਂ ਲਗਾਉਣ ’ਤੇ ਧੰਨਵਾਦ ਦਾ ਮਤਾ ਪਾਸ ਕੀਤਾ ਗਿਆ। ਇਸ ਦੇ ਨਾਲ ਹੀ ਅੰਤਿ੍ਰੰਗ ਕਮੇਟੀ ਨੇ ਸਿੱਖ ਵਿਦਵਾਨ ਡਾ. ਜੋਧ ਸਿੰਘ ਅਤੇ ਉਡਣੇ ਸਿੱਖ ਸ. ਮਿਲਖਾ ਸਿੰਘ ਦੇ ਚਲਾਣੇ ’ਤੇ ਅਫ਼ਸੋਸ ਪ੍ਰਗਟ ਕਰਦਿਆਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ’ਚ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤਿ੍ਰੰਗ ਮੈਂਬਰ ਸ. ਨਵਤੇਜ ਸਿੰਘ ਕਾਉਣੀ, ਸ. ਬਲਦੇਵ ਸਿੰਘ ਚੂੰਘਾਂ, ਸ. ਅਜਮੇਰ ਸਿੰਘ ਖੇੜਾ, ਸ. ਭੁਪਿੰਦਰ ਸਿੰਘ ਭਲਵਾਨ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਸ. ਦਰਸ਼ਨ ਸਿੰਘ ਸ਼ੇਰ ਖਾਂ, ਬੀਬੀ ਮਲਕੀਤ ਕੌਰ ਕਮਾਲਪੁਰ, ਸ. ਮਿੱਠੂ ਸਿੰਘ ਕਾਹਨੇਕੇ, ਸ. ਅਮਰੀਕ ਸਿੰਘ ਸ਼ਾਹਪੁਰ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਤੇਜਿੰਦਰ ਸਿੰਘ ਪੱਡਾ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸੁਲੱਖਣ ਸਿੰਘ ਭੰਗਾਲੀ, ਸੁਪਿ੍ਰੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਓਐਸਡੀ ਸ. ਸਤਬੀਰ ਸਿੰਘ ਧਾਮੀ, ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ ਹਾਜ਼ਰ ਸਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਐਨਸੀਈਆਰਟੀ ਵੱਲੋਂ ਵੱਖ-ਵੱਖ ਜਮਾਤਾਂ ਲਈ ਤਿਆਰ ਕੀਤੀਆਂ ਜਾਂਦੀਆਂ ਸਿਲੇਬਸ ਦੀਆਂ ਕਿਤਾਬਾਂ ਵਿਚ ਪ੍ਰਮਾਣਿਕ ਇਤਿਹਾਸ ਸ਼ਾਮਲ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਖਰੜਾ ਭੇਜਿਆ ਗਿਆ ਹੈ। ਉਨਾਂ ਦੱਸਿਆ ਕਿ ਬੀਤੇ ਸਮੇਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਆਨਲਾਈਨ ਮੀਟਿੰਗ ਸਮੇਂ ਉਨਾਂ ਨੂੰ ਸਿਲੇਬਸ ਦੀਆਂ ਕਿਤਾਬਾਂ ਵਿਚ ਇਤਿਹਾਸ ਨੂੰ ਵਿਗਾੜ ਕੇ ਪੇਸ਼ ਕਰਨ ਦਾ ਮਾਮਲਾ ਉਠਾਇਆ ਗਿਆ ਸੀ ਅਤੇ ਇਸ ਸਬੰਧ ਵਿਚ ਪ੍ਰਮਾਣਕ ਇਤਿਹਾਸ ਨੂੰ ਸ਼ਾਮਲ ਕਰਵਾਉਣ ਲਈ ਕਮੇਟੀ ਗਠਿਤ ਕਰਨ ਲਈ ਕਿਹਾ ਸੀ। ਉਨਾਂ ਕਿਹਾ ਕਿ ਇਸ ਸਬੰਧ ਵਿਚ ਰਾਜ ਸਭਾ ਕਮੇਟੀ ਵੱਲੋਂ ਸੁਝਾਅ ਮੰਗੇ ਗਏ ਹਨ, ਜਿਸ ’ਤੇ ਕਾਰਵਾਈ ਕਰਦਿਆਂ ਸ਼੍ਰੋਮਣੀ ਕਮੇਟੀ ਨੇ ਸਿੱਖ ਵਿਦਵਾਨਾਂ ਅਤੇ ਸੰਸਥਾਵਾਂ ਨਾਲ ਇਕੱਤਰਤਾਵਾਂ ਕਰਕੇ ਮੁੱਢਲੇ ਤੌਰ ’ਤੇ ਖਰੜਾ ਭੇਜਿਆ ਹੈ। ਇਸ ਖਰੜੇ ਦੇ ਸਬੰਧ ਵਿਚ ਕਰੀਬ 5 ਹਜ਼ਾਰ ਈਮੇਲਾਂ ਵੀ ਪ੍ਰਾਪਤ ਹੋਈਆਂ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਆਏ ਸੁਝਾਵਾਂ ਅਨੁਸਾਰ ਰਾਜ ਸਭਾ ਕਮੇਟੀ ਨੂੰ ਮੁੜ ਮੁਕੰਮਲ ਕਰਕੇ ਵੀ ਜਲਦ ਹੀ ਭੇਜੀਆਂ ਜਾਣਗੀਆਂ। ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸ ਨਾਲ ਛੇੜ-ਛਾੜ ਕਰਨ ਦੇ ਮਾਮਲਿਆਂ ਪ੍ਰਤੀ ਸਮੇਂ ਸਮੇਂ ’ਤੇ ਅਵਾਜ਼ ਉਠਾ ਕੇ ਚਿਰਾਂ ਤੋਂ ਇਹ ਮੰਗ ਕੀਤੀ ਜਾਂਦੀ ਰਹੀ ਹੈ ਕਿ ਵਿਦਿਆਰਥੀਆਂ ਨੂੰ ਪੜਾਇਆ ਜਾਣ ਵਾਲਾ ਇਤਿਹਾਸ ਸ਼੍ਰੋਮਣੀ ਕਮੇਟੀ ਤੋਂ ਪ੍ਰਵਾਨ ਕਰਵਾ ਕੇ ਹੀ ਕਿਤਾਬਾਂ ਵਿਚ ਸ਼ਾਮਲ ਕੀਤਾ ਜਾਵੇ। ਬੀਬੀ ਜਗੀਰ ਕੌਰ ਨੇ ਕਿਹਾ ਕਿ ਰਾਜ ਸਭਾ ਕਮੇਟੀ ਨੂੰ ਇਹ ਅਪੀਲ ਵੀ ਕਰਾਂਗੇ ਕਿ ਮੌਜੂਦਾ ਸਮੇਂ ਇਤਿਹਾਸ ਸ਼ਾਮਲ ਕਰਨ ਮਗਰੋਂ ਸ਼੍ਰੋਮਣੀ ਕਮੇਟੀ ਨੂੰ ਦਿਖਾ ਕੇ ਹੀ ਪੁਸਤਕਾਂ ਛਾਪੀਆਂ ਜਾਣ।