ਰਜਿ: ਨੰ: PB/JL-124/2018-20
RNI Regd No. 23/1979

ਕੱਚੇ ਅਧਿਆਪਕਾਂ ਵੱਲੋਂ ਤੀਜੀ ਵਾਰ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ, ਸੜਕ ਜਾਮ

BY admin / July 21, 2021
ਸਿੱਖਿਆ ਭਵਨ ਦੇ ਬਾਹਰ ਕੱਚੇ ਅਧਿਆਪਕਾਂ ਦਾ ਧਰਨਾ 36ਵੇਂ ਦਿਨ ਵਿੱਚ ਦਾਖਲ
ਐਸ ਏ ਐਸ ਨਗਰ, 21 ਜੁਲਾਈ-(ਗੁਰਵਿੰਦਰ ਸਿੰਘ ਮੋਹਾਲੀ)-ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰਨਾਂ ਅਧਿਆਪਕ ਯੂਨੀਅਨਾਂ ਦੇ ਮੈਂਬਰਾਂ ਨੇ ਬੁੱਧਵਾਰ ਨੂੰ ਤੀਜੀ ਵਾਰ ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕੀਤਾ। ਕੱਚੇ ਅਧਿਆਪਕ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਸਿੱਖਿਆ ਭਵਨ ਦੇ ਬਾਹਰ ਲੜੀਵਾਰ ਧਰਨੇ ’ਤੇ ਬੈਠੇ ਹਨ ਅਤੇ ਅੱਜ ਉਨ੍ਹਾਂ ਦਾ ਧਰਨਾ 36ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਉਧਰ, ਸਤਿੰਦਰ ਸਿੰਘ ਕੰਗ ਤਰਨਤਾਰਨ, ਕੁਲਬੀਰ ਸਿੰਘ ਅਬੋਹਰ, ਕੁਲਵਿੰਦਰ ਸਿੰਘ ਨਾੜੂ, ਬੇਅੰਤ ਸਿੰਘ ਪਟਿਆਲਾ, ਸਮਰ ਸਿੰਘ ਮਾਨਸਾ ਅਤੇ ਰੋਹਿਤ ਕੁਮਾਰ ਅੰਮਿ੍ਰਤਸਰ ਸਿੱਖਿਆ ਭਵਨ ਦੀ ਛੱਤ ’ਤੇ ਡਟੇ ਹੋਏ ਹਨ। ਇਸ ਮੌਕੇ ਸੂਬਾ ਕਨਵੀਨਰ ਅਜਮੇਰ ਸਿੰਘ ਔਲਖ, ਗਗਨਦੀਪ ਕੌਰ ਅਬੋਹਰ, ਦਵਿੰਦਰ ਸਿੰਘ ਸੰਧੂ, ਹਰਪ੍ਰੀਤ ਕੌਰ ਅਤੇ ਵੀਰਪਾਲ ਕੌਰ ਸਿਧਾਣਾ, ਜਸਵੰਤ ਸਿੰਘ ਪੰਨੂ ਅਤੇ ਮੀਡੀਆ ਕੋਆਰਡੀਨੇਟ ਜੁਝਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਾਰ ਵਾਰ ਆਪਣੇ ਵਾਅਦਿਆਂ ਤੋਂ ਭੱਜ ਰਹੀ ਹੈ। ਮੀਟਿੰਗ ਤੈਅ ਕਰਕੇ ਹੁਣ ਮੰਤਰੀ ਸਮਾਂ ਨਹੀਂ ਦੇ ਰਹੇ ਹਨ। ਜਿਸ ਕਾਰਨ ਕੱਚੇ ਅਧਿਆਪਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਅੱਜ ਕੱਚੇ ਅਧਿਆਪਕਾਂ ਨੇ ਸਰਕਾਰ ਤੋਂ ਇਨਸਾਫ਼ ਦੀ ਉਮੀਦ ਛੱਡ ਕੇ ਅੱਜ ਤੀਜੀ ਵਾਰ ਸਿੱਖਿਆ ਭਵਨ ਤੋਂ ਮੁੱਖ ਮੰਤਰੀ ਦੀ ਕੋਠੀ ਘੇਰਨ ਲਈ ਚੰਡੀਗੜ੍ਹ ਵੱਲ ਕੂਚ ਕਰ ਦਿੱਤਾ। ਹਾਲਾਂਕਿ ਮੁਹਾਲੀ ਪੁਲੀਸ ਨੇ ਵਾਈਪੀਅਸ ਚੌਕ ਨੇੜੇ ਬੈਰੀਕੇਟ ਲਗਾ ਕੇ ਪ੍ਰਦਰਸ਼ਨਕਾਰੀਆਂ ਦਾ ਰਾਹ ਰੋਕਣ ਦੀ ਬਹੁਤ ਕੋਸ਼ਿਸ਼ ਕੀਤੀ ਲੇਕਿਨ ਕੱਚੇ ਅਧਿਆਪਕ ਪੁਲੀਸ ਬੈਰੀਕੇਟ ਤੋੜ ਕੇ ਅੱਗੇ ਲੰਘਣ ਵਿੱਚ ਸਫਲ ਹੋ ਗਏ ਪ੍ਰੰਤੂ ਅੱਗੇ ਚੰਡੀਗੜ੍ਹ ਪੁਲੀਸ ਵੱਲੋਂ ਜ਼ਬਰਦਸਤ ਬੈਰੀਕੇਟਿੰਗ ਕੀਤੀ ਗਈ ਅਤੇ ਅਧਿਆਪਕਾਂ ਨੂੰ ਚੰਡੀਗੜ੍ਹ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ। ਚੰਡੀਗੜ੍ਹ ਪੁਲੀਸ ਨੇ ਆਪਣੇ ਹੱਥਾਂ ਵਿੱਚ ਸਖ਼ਤ ਕਾਨੂੰਨੀ ਕਾਰਵਾਈ ਕਰਨ ਅਤੇ ਲਾਠੀਚਾਰਜ ਕਰਨ ਦੀ ਚਿਤਾਵਨੀ ਵਾਲੇ ਪੋਸਟਰ ਵੀ ਫੜੇ ਹੋਏ ਹਨ। ਯੂਟੀ ਪੁਲੀਸ ਨੇ ਚਿਤਾਵਨੀ ਦਿੱਤੀ ਹੈ ਕਿ ਚੰਡੀਗੜ੍ਹ ਵਿੱਚ ਧਾਰਾ 144 ਲੱਗੀ ਹੋਈ ਹੈ। ਲਿਹਾਜ਼ਾ ਉਹ ਵਾਪਸ ਚਲੇ ਜਾਣ ਨਹੀਂ ਤਾਂ ਮਜਬੂਰਨ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਅਤੇ ਜਲ ਤੋਪਾਂ ਵਰਤਣੀਆਂ ਪੈਣਗੀਆਂ ਅਤੇ ਇਸ ਦੌਰਾਨ ਕਿਸੇ ਅਧਿਆਪਕ ਨੂੰ ਗੰਭੀਰ ਸੱਟਾਂ ਲੱਗ ਸਕਦੀਆਂ ਹਨ। ਫਿਲਹਾਲ ਮੁਹਾਲੀ ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਸਥਿਤੀ ਤਣਾਅ ਪੂਰਨ ਬਣੀ ਹੋਈ ਹੈ।