ਰਜਿ: ਨੰ: PB/JL-124/2018-20
RNI Regd No. 23/1979

ਰਾਜਾ ਵੜਿੰਗ ਨੇ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਪੰਜਾਬ ਰਾਜ ਬੱਸ ਸੇਵਾ ਮੁੜ ਸ਼ੁਰੂ ਕਰਨ ਲਈ ਕੇਜਰੀਵਾਲ ਨੂੰ ਲਿਖਿਆ ਪੱਤਰ

BY admin / October 11, 2021
ਚੰਡੀਗੜ, 11 ਅਕਤੂਬਰ, (ਯੂ.ਐਨ.ਆਈ.)- ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖ ਕੇ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਪੰਜਾਬ ਰਾਜ ਬੱਸ ਸੇਵਾ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਅਤੇ ਲੰਮੇ ਸਮੇਂ ਤੋਂ ਲਟਕਦੇ ਇਸ ਮਸਲੇ ਦੇ ਛੇਤੀ ਹੱਲ ਲਈ ਮੀਟਿੰਗ ਦਾ ਸਮਾਂ ਮੰਗਿਆ ਹੈ।  ਦਿੱਲੀ ਟਰਾਂਸਪੋਰਟ ਵਿਭਾਗ ਨੇ ਨਵੰਬਰ 2018 ਵਿੱਚ ਪੰਜਾਬ ਸਰਕਾਰ ਦੀਆਂ ਬੱਸਾਂ ਦੇ ਹਵਾਈ ਅੱਡੇ ਤੱਕ ਜਾਣ ‘ਤੇ ਰੋਕ ਲਾ ਦਿੱਤੀ ਸੀ, ਜੋ ਸੂਬੇ ਦੇ ਵੱਖ-ਵੱਖ ਸਹਿਰਾਂ ਤੋਂ ਹਵਾਈ ਅੱਡੇ ਜਾਣ ਵਾਲੇ ਯਾਤਰੀਆਂ ਨੂੰ ਕਿਫ਼ਾਇਤੀ ਦਰਾਂ ‘ਤੇ ਸਫ਼ਰ ਮੁਹੱਈਆ ਕਰਾਉਣ ਲਈ ਚਲਾਈ ਜਾ ਰਹੀ ਸੀ। ਉਨਾਂ ਕਿਹਾ ਕਿ ਦਿੱਲੀ ਸਰਕਾਰ ਦੀ ਆਮ ਲੋਕਾਂ ਪ੍ਰਤੀ ਬੇਰੁਖੀ ਦਾ ਪਤਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਦਿੱਲੀ ਟਰਾਂਸਪੋਰਟ ਵਿਭਾਗ ਨੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੂੰ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਬੱਸਾਂ ਚਲਾਉਣ ਦੀ ਆਗਿਆ ਦਿੱਤੀ ਹੋਈ ਹੈ।  ਸ੍ਰੀ ਵੜਿੰਗ ਨੇ ਕਿਹਾ ਕਿ ਸੂਬੇ ਦਾ ਟਰਾਂਸਪੋਰਟ ਮੰਤਰੀ ਹੋਣ ਦੇ ਨਾਤੇ ਲੋਕਾਂ ਨੂੰ ਸਸਤਾ ਅਤੇ ਵਧੀਆ ਸੇਵਾਵਾਂ ਦੇਣਾ ਮੇਰਾ ਮੁੱਢਲਾ ਫਰਜ ਬਣਦਾ ਹੈ ਅਤੇ ਮੈਂ ਪਹਿਲੇ ਦਿਨ ਤੋਂ ਇਸ ਦਿਸ਼ਾ ਵਿੱਚ ਕੰਮ ਕਰ ਰਿਹਾ ਹਾਂ। ਮੈਂ, ਦਿੱਲੀ ਸਰਕਾਰ ਵੱਲੋਂ ਲੰਮੇ ਸਮੇਂ ਤੋਂ ਲਟਕਾਏ ਜਾ ਰਹੇ ਇਸ ਮੁੱਦੇ ਦੇ ਹੱਲ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੀ ਤੋਂ ਨਿੱਜੀ ਤੌਰ ‘ਤੇ ਮਿਲਣ ਲਈ ਢੁਕਵੀਂ ਤਰੀਕ ਅਤੇ ਸਮਾਂ ਮੰਗਿਆ ਹੈ ਤਾਂ ਜੋ ਪੰਜਾਬ ਤੋਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਸਰਕਾਰੀ ਬੱਸ ਸੇਵਾ ਬੰਦ ਕਰਨ ਦੇ ਦਿੱਲੀ ਸਰਕਾਰ ਦੇ ਫੈਸਲੇ ਨੂੰ ਰੱਦ ਕਰਵਾ ਸਕਾਂ।