ਰਜਿ: ਨੰ: PB/JL-124/2018-20
RNI Regd No. 23/1979

ਕੱਚੇ ਅਧਿਆਪਕਾਂ ਨਾਲ ਲੜੀਵਾਰ ਧਰਨੇ ’ਤੇ ਬੈਠੇ ‘ਆਪ’ ਵਲੰਟੀਅਰ

BY admin / December 05, 2021
ਐਸ ਏ ਐਸ ਨਗਰ, 5 ਦਸੰਬਰ-(ਗੁਰਵਿੰਦਰ ਸਿੰਘ ਮੋਹਾਲੀ)-ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰਨਾਂ ਅਧਿਆਪਕ ਯੂਨੀਅਨਾਂ ਵੱਲੋਂ ਸੂਬਾ ਕਨਵੀਨਰ ਅਜਮੇਰ ਸਿੰਘ ਔਲਖ, ਦਵਿੰਦਰ ਸਿੰਘ ਸੰਧੂ, ਜਸਵੰਤ ਸਿੰਘ ਪੰਨੂ, ਹਰਪ੍ਰੀਤ ਕੌਰ ਜਲੰਧਰ, ਮੀਡੀਆ ਕੋਆਰਡੀਨੇਟਰ ਜੁਝਾਰ ਸਿੰਘ ਸੰਗਰੂਰ ਸਮੇਤ ਹੋਰਨਾਂ ਆਗੂਆਂ ਦੀ ਸਾਂਝੀ ਅਗਵਾਈ ਹੇਠ ਇਨਸਾਫ਼ ਪ੍ਰਾਪਤੀ ਲਈ ਸਿੱਖਿਆ ਸਕੱਤਰ ਅਤੇ ਡੀਪੀਆਈ ਦਫ਼ਤਰਾਂ ਦੀ ਘੇਰਾਬੰਦੀ ਜਾਰੀ ਹੈ। ਇਸੇ ਦੌਰਾਨ ਆਮ ਆਦਮੀ ਪਾਰਟੀ (ਕਿਸਾਨ ਵਿੰਗ) ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਮਲੋਆ ਨੇ ਆਪਣੇ ਧੜੇ ਦੇ ਵਲੰਟੀਅਰਾਂ ਨਾਲ ਕੱਚੇ ਅਧਿਆਪਕਾਂ ਦੇ ਧਰਨੇ ਵਿੱਚ ਸ਼ਮੂਲੀਅਤ ਕੀਤੀ ਅਤੇ ਕੱਚੇ ਅਧਿਆਪਕਾਂ ਦੇ ਸੰਘਰਸ਼ ਨੂੰ ਪੂਰਨ ਹਮਾਇਤ ਦੇਣ ਦਾ ਐਲਾਨ ਕੀਤਾ। ਇਸ ਮੌਕੇ ਮਹਿਲਾ ਵਿੰਗ ਦੀ ਮੀਤ ਪ੍ਰਧਾਨ ਜਸਬੀਰ ਕੌਰ ਅਤੇ ਕਿਸਾਨ ਵਿੰਗ ਦੇ ਬਲਾਕ ਪ੍ਰਧਾਨ ਬਾਬਾ ਰਾਮ ਸਿੰਘ ਵੀ ਹਾਜ਼ਰ ਸਨ। ਸ੍ਰੀ ਮਲੋਆ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁਹਾਲੀ ਸਮੇਤ ਸਮੁੱਚੇ ਪੰਜਾਬ ਵਿੱਚ ਥਾਂ-ਥਾਂ ’ਤੇ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਸੂਚਨਾ ਬੋਰਡ ਲਗਾਏ ਗਏ ਹਨ ਜਦੋਂਕਿ ਇਨ੍ਹਾਂ ਇਸ਼ਤਿਹਾਰਾਂ ਦੀ ਸਚਾਈ ਕੋਹਾਂ ਦੂਰ ਹੈ ਅਤੇ ਇਹ ਸਿਰਫ਼ ਕੋਰਾ ਝੂਠ ਹਨ। ਮੁਹਾਲੀ ਅਤੇ ਖਰੜ ਵਿੱਚ ਵੱਖ-ਵੱਖ ਥਾਵਾਂ ’ਤੇ ਲੜੀਵਾਰ ਧਰਨਿਆਂ ਅਤੇ ਟੈਂਕੀਆਂ ’ਤੇ ਚੜੇ ਹੋਏ ਅਧਿਆਪਕਾਂ ਦਾ ਸੰਘਰਸ਼ ਇਸ ਦਾ ਪ੍ਰਤੱਖ ਸਬੂਤ ਹੈ। ਸ੍ਰੀ ਮਲੋਆ ਨੇ ਕਿਹਾ ਕਿ ਸ੍ਰੀ ਚੰਨੀ ਨੂੰ ਦੁਬਾਰਾ ਮੁੱਖ ਮੰਤਰੀ ਬਣਨ ਦਾ ਸੁਪਨਾ ਲੈਣਾ ਛੱਡ ਦੇਣਾ ਚਾਹੀਦਾ ਹੈ ਕਿਉਂਕਿ ਦਿਨ ਵਿੱਚ ਦੇਖੇ ਜਾਣ ਵਾਲੇ ਸੁਪਨੇ ਕਦੇ ਵੀ ਸੱਚ ਨਹੀਂ ਹੁੰਦੇ ਹਨ। ਲਿਹਾਜ਼ਾ ਮੁੱਖ ਮੰਤਰੀ ਸਮੇਤ ਪੰਜਾਬ ਕੈਬਨਿਟ ਅਤੇ ਕਾਂਗਰਸ ਲੀਡਰਸ਼ਿਪ ਨੂੰ ਫੌਕੇ ਐਲਾਨ ਕਰਨ ਦੀ ਥਾਂ ਸੱਚ ਦਾ ਸਾਹਮਣਾ ਕਰਨਾ ਚਾਹੀਦਾ ਹੈ। ਇਸ ਮੌਕੇ ਕੱਚੇ ਅਧਿਆਪਕ ਯੂਨੀਅਨ ਦੇ ਸੂਬਾ ਕਨਵੀਨਰ ਅਜਮੇਰ ਸਿੰਘ ਔਲਖ, ਦਵਿੰਦਰ ਸਿੰਘ ਸੰਧੂ, ਜਸਵੰਤ ਸਿੰਘ ਪੰਨੂ, ਹਰਪ੍ਰੀਤ ਕੌਰ ਜਲੰਧਰ ਅਤੇ ਮੀਡੀਆ ਕੋਆਰਡੀਨੇਟਰ ਜੁਝਾਰ ਸਿੰਘ ਸੰਗਰੂਰ ਵੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਹੁਣ ਉਹ ਝੂਠੇ ਲਾਰਿਆਂ ਵਿੱਚ ਨਹੀਂ ਆਉਣਗੇ ਬਲਕਿ ਪੱਕੇ ਹੋਣ ਦਾ ਸਰਕਾਰੀ ਪੱਤਰ ਆਪਣੇ ਹੱਥਾਂ ਵਿੱਚ ਲੈ ਕੇ ਹੀ ਵਾਪਸ ਘਰਾਂ ਨੂੰ ਜਾਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਮੁੜ ਗੁਪਤ ਐਕਸ਼ਨ ਕੀਤੇ ਜਾਣਗੇ।