ਰਜਿ: ਨੰ: PB/JL-124/2018-20
RNI Regd No. 23/1979

ਮੁਤਵਾਜੀ ਜਥੇਦਾਰ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਤਨਖ਼ਾਹੀਆ ਐਲਾਨਿਆ
 
BY admin / December 05, 2021
ਚੰਡੀਗੜ੍ਹ, 5 ਦਸੰਬਰ, (ਦਵਿੰਦਰਜੀਤ ਸਿੰਘ ਦਰਸ਼ੀ)- ਸ੍ਰੀ ਅਕਾਲ ਤਖਤ ਸਾਹਿਬ ਦੇ ਮੁਤਵਾਜੀ ਜਥੇਦਾਰ ਧਿਆਨ ਸਿੰਘ ਮੰਡ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਤਨਖ਼ਾਹੀਆ ਕਰਾਰ ਦੇ ਦਿੱਤਾ ਹੈ। ਸਰਬੱਤ ਖਾਲਸਾ ਦੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਨੇ ਅਕਾਲ ਤਖਤ ਸਾਹਿਬ ਉਤੇ ਅਰਦਾਸ ਕੀਤੀ ਜਿਸ ਤੋਂ ਬਾਅਦ ਇਹ ਫੈਸਲਾ ਸੁਣਾਇਆ ਗਿਆ। ਬਰਗਾੜੀ ਮੋਰਚੇ ਨੂੰ ਪੰਜਾਬ ਸਰਕਾਰ ਵੱਲੋਂ ਝੂਠਾ ਭਰੋਸਾ ਦੇ ਕੇ ਚੁਕਵਾਉਣ ਦੇ ਸਬੰਧ ਵਿਚ ਕੈਪਟਨ ਅਮਰਿੰਦਰ ਸਿੰਘ ਨੂੰ ਤਨਖਾਹੀਆ ਐਲਾਨਿਆ ਗਿਆ ਹੈ। ਮੋਰਚੇ ਨੂੰ ਤਾਰੋਪੀਡੋ ਕਰਨ ਦੇ ਦੋਸ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਪੂਰਨ ਰੂਪ ਵਿਚ ਜਿੰਮੇਵਾਰ ਅਤੇ ਦੋਸੀ ਮੰਨਿਆ ਗਿਆ ਹੈ। ਜਥੇਦਾਰ ਮੰਡ ਕਿਹਾ ਕਿ ਜਦੋਂ ਤੱਕ ਕੈਪਟਨ ਅਮਰਿੰਦਰ ਸਿੰਘ ਅਕਾਲ ਤਖਤ ਸਾਹਿਬ ਉਤੇ ਆ ਕੇ ਮੁਆਫ਼ੀ ਨਹੀਂ ਮੰਗਦੇ, ਉਨ੍ਹਾਂ ਸਮੇਂ ਤੱਕ ਕਿਸੇ ਵੀ ਗੁਰਦੁਆਰਾ ਸਾਹਿਬ ਜਾਂ ਸੰਗਤੀ ਇਕੱਠ ਵਿੱਚ ਨਾ ਬੋਲਣ ਦਿੱਤਾ ਜਾਵੇ। ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰਵਾਰ ਪਲਾਜ਼ਾ ਵਿਖੇ ਪੰਜ ਸਿੰਘਾਂ ਦੀ ਮੌਜੂਦਗੀ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਥਿਤ ਤੌਰ ’ਤੇ ਧੋਖੇ ਨਾਲ ਬਰਗਾੜੀ ਮੋਰਚਾ ਉਠਵਾਉਣ ਅਤੇ ਵਾਰ-ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਉਨ੍ਹਾਂ ਵਲੋਂ ਸੱਦੇ ਜਾਣ ’ਤੇ ਹਾਜ਼ਰ ਨਾ ਹੋਣ ਤੇ ਅੱਜ ਤੋਂ ਤਨਖ਼ਾਹੀਆ ਐਲਾਨਿਆ ਗਿਆ ਹੈ।