ਰਜਿ: ਨੰ: PB/JL-124/2018-20
RNI Regd No. 23/1979

ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਿਚ ਲਿਆਂਦੀ ਤੇਜ਼ੀ
 
BY admin / December 06, 2021
ਚੰਡੀਗੜ੍ਹ, 6 ਦਸੰਬਰ, (ਯੂ.ਐਨ.ਆਈ.)- ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ  ਮੁੱਖ ਚੋਣ ਅਧਿਕਾਰੀ (ਸੀ. ਈ. ਓ.) ਪੰਜਾਬ ਡਾ. ਕਰੁਣਾ ਰਾਜੂ ਵੱਲੋਂ ਅੱਜ ਪ੍ਰੈਸ ਕਾਨਫਰੰਸ ਕਰਕੇ 2022 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਿਆਰੀ ਬਾਰੇ ਚਰਚਾ ਕੀਤੀ ਗਈ। ਇਸ ਦੌਰਾਨ ਚੋਣਾਂ ਸਬੰਧੀ ਮਹਤੱਵਪੂਰਨ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਦੇ 23 ਜ਼ਿਲ੍ਹੇ ਅਤੇ 117 ਵਿਧਾਨ ਸਭਾ ਹਲਕਿਆਂ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਿਆਰੀਆਂ ਜ਼ੋਰਾਂ ‘ਤੇ ਕੀਤੀਆਂ ਜਾ ਰਹੀਆਂ ਹਨ। ਪੰਜਾਬ ਵਿੱਚ ਕੁੱਲ 2 ਕਰੋੜ 9 ਲੱਖ ਵੋਟਰ ਹਨ, ਜਿਨ੍ਹਾਂ ਵਿੱਚੋਂ ਲਗਭਗ 1 ਕਰੋੜ ਔਰਤਾਂ ਹਨ। ਇਸ ਸਾਲ ਟਰਾਂਸਜੈਂਡਰ ਵੀ ਆਉਣ ਵਾਲੀਆਂ ਚੋਣਾਂ ‘ਚ ਹਿੱਸਾ ਲੈਣਗੇ। ਮੁੱਖ ਚੋਣ ਅਫਸਰ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਐਸ.ਐਸ.ਪੀਜ ਨਾਲ ਮੀਟਿੰਗ ਕੀਤੀ ਗਈ ਹੈ। ਇਸ ਦੌਰਾਨ ਭਗੌੜੇ ਦੋਸੀਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਹਥਿਆਰ ਰੱਖਣ ਵਾਲਿਆਂ ‘ਤੇ ਵੀ ਨਜਰ ਰੱਖੀ ਜਾ ਰਹੀ ਹੈ। ਕਰੁਣਾ ਰਾਜੂ ਨੇ ਕਿਹਾ ਕਿ ਪੰਜਾਬ ਵਿੱਚ ਲਗਭਗ 3.8 ਲੋਕਾਂ ਕੋਲ ਹਥਿਆਰ ਹਨ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਇਸ ਸਾਲ ਮਤਦਾਨ ਲਈ ਲਗਭਗ 24,000 ਵੋਟਰ ਬੂਥ ਬਣਾਏ ਗਏ ਹਨ। ਜਾਣਕਾਰੀ ਅਨੁਸਾਰ ਕੁੱਲ 24,689 ਪੋਲਿੰਗ ਸਟੇਸਨ ਹਨ, ਜਿਨ੍ਹਾਂ ਵਿੱਚੋਂ 7,727 ਸਹਿਰੀ ਖੇਤਰਾਂ ਵਿੱਚ ਅਤੇ 16,962 ਪੇਂਡੂ ਖੇਤਰਾਂ ਵਿੱਚ ਹਨ।ਉਨ੍ਹਾਂ ਕਿਹਾ ਕਿ ਕੋਵਿਡ ਦੇ ਮਰੀਜਾਂ ਲਈ ਵੱਖਰੇ ਪ੍ਰਬੰਧ ਹੋਣਗੇ, ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਬਜੁਰਗਾਂ (80 ਸਾਲ ਤੋਂ ਵੱਧ ਉਮਰ ਦੇ) ਦੇ ਘਰ ਜਾਣ ਦੀ ਆਗਿਆ ਦੇਣ ਦਾ ਵੀ ਪ੍ਰਬੰਧ ਕੀਤਾ ਹੈ, ਜੋ ਆਪਣੇ ਵੋਟ ਦਾ ਇਸਤੇਮਾਲ ਕਰਨ ਲਈ ਪੋਲਿੰਗ ਬੂਥਾਂ ‘ਤੇ ਨਹੀਂ ਜਾ ਸਕਦੇ।