ਰਜਿ: ਨੰ: PB/JL-124/2018-20
RNI Regd No. 23/1979

ਸਰਕਾਰ ਨੇ ਕਿਸਾਨਾਂ ਨੂੰ ਭੇਜਿਆ ਪ੍ਰਸਤਾਵ ਕੁੱਝ ਮੁੱਦਿਆਂ ’ਤੇ ਅੰਦੋਲਨਕਾਰੀਆਂ ਨੂੰ ਇਤਰਾਜ਼

BY admin / December 07, 2021
ਨਵੀਂ ਦਿੱਲੀ, 7 ਦਸੰਬਰ, (ਯੂ.ਐਨ.ਆਈ.)- ਕਿਸਾਨ ਅੰਦੋਲਨ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਸਾਨਾਂ ਨੂੰ ਚਿੱਠੀ ਭੇਜੀ ਹੈ, ਜਿਸ ਵਿੱਚ ਕਿਸਾਨਾਂ ਦੀਆਂ ਮੰਗਾਂ ਮੰਨਣ ਦਾ ਲਿਖਤੀ ਭਰੋਸਾ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਇਸ ਅੰਦੋਲਨ ਨੂੰ 9 ਦਸੰਬਰ ਦੇ ਨੇੜੇ-ਤੇੜੇ ਖਤਮ ਕਰ ਦਿੱਤਾ ਜਾਵੇਗਾ। ਹਾਲਾਂਕਿ ਸੰਯੁਕਤ ਕਿਸਾਨ ਮੋਰਚੇ ਨੇ ਅਜੇ ਇਸ ਦਾ ਐਲਾਨ ਨਹੀਂ ਕੀਤਾ ਹੈ। ਇਸ ਨਾਲ ਸਬੰਧਤ ਖ਼ਬਰਾਂ ਇਸ ਤਰ੍ਹਾਂ ਹਨ, ਸੰਯੁਕਤ ਕਿਸਾਨ ਮੋਰਚੇ ਨੂੰ ਗ੍ਰਹਿ ਮੰਤਰੀ ਦੀ ਚਿੱਠੀ ਉਸ ਵੇਲੇ ਮਿਲੀ ਜਦੋਂ ਉਨ੍ਹਾਂ ਦੀ ਮੀਟਿੰਗ ਚੱਲ ਰਹੀ ਸੀ। ਇਹ ਚਿੱਠੀ ਸਰਕਾਰੀ ਅਧਿਕਾਰੀਆਂ ਵੱਲੋਂ ਭੇਜੀ ਗਈ ਹੈ। ਚਿੱਠੀ ਵਿੱਚ ਭਰੋਸਾ ਦਿੱਤਾ ਗਿਆ ਹੈ ਕਿ ਕਿਸਾਨਾਂ ‘ਤੇ ਵੱਖ-ਵੱਖ ਸੂਬਿਆਂ ਤੇ ਥਾਣਿਆਂ ਵਿੱਚ ਦਰਜ ਕੀਤੇ ਗਏ ਸਾਰੇ ਮਾਮਲੇ ਵਾਪਿਸ ਲੈ ਲਏ ਜਾਣਗੇ, ਹਾਲਾਂਕਿ ਅਦਾਲਤੀ ਪ੍ਰਕਿਰਿਆ ਉਸੇ ਤਰ੍ਹਾਂ ਜਾਰੀ ਰਹੇਗੀ। ਕਿਸਾਨਾਂ ਨੂੰ ਵੱਖ-ਵੱਖ ਸੂਬੇ ਦੀਆਂ ਸਰਕਾਰਾਂ ਵੱਲੋਂ ਮੁਆਵਜਾ ਦਿੱਤਾ ਜਾਵੇਗਾ। ਖੇਤੀ ਕਾਨੂੰਨ ਵਾਪਸ ਲਏ ਜਾਣ ਦੇ ਬਾਵਜੂਦ ਬਾਕੀ ਬਚੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਅਜਿਹੇ ‘ਚ ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਦੇ ਸੂਤਰਾਂ ਤੋਂ ਸੂਚਨਾ ਮਿਲੀ ਹੈ ਕਿ ਕੇਂਦਰ ਸਰਕਾਰ ਨੇ ਕੁਝ ਕਿਸਾਨ ਆਗੂਆਂ ਨਾਲ ਦੁਬਾਰਾ ਸੰਪਰਕ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਜਲਦ ਹੀ ਕਿਸਾਨਾਂ ਨੂੰ ਉਨ੍ਹਾਂ ਦੀਆਂ ਮੰਗਾਂ ‘ਤੇ ਲਿਖਤੀ ਭਰੋਸਾ ਦੇ ਸਕਦੀ ਹੈ। ਹਰਿਆਣਾ ‘ਚ ਕਿਸਾਨਾਂ ‘ਤੇ ਚੱਲ ਰਹੇ ਕੇਸਾਂ ਦੀ ਵਾਪਸੀ ‘ਤੇ ਕੇਂਦਰ ਸਰਕਾਰ ਅੱਜ ਹੀ ਕਿਸਾਨਾਂ ਨੂੰ ਪੱਤਰ ਜਾਰੀ ਕਰ ਸਕਦੀ ਹੈ। ਲਿਖਤੀ ਭਰੋਸੇ ਤੋਂ ਬਾਅਦ ਕਿਸਾਨ ਜਥੇਬੰਦੀਆਂ ਅੰਦੋਲਨ ਵਾਪਸ ਲੈਣ ਦਾ ਫੈਸਲਾ ਲੈ ਸਕਦੀਆਂ ਹਨ। ਇਹ ਖਬਰ ਅਜਿਹੇ ਸਮੇਂ ਵਿਚ ਆਈ ਹੈ ਜਦੋਂ ਤਿੰਨ ਦਿਨ ਪਹਿਲਾਂ 4 ਦਸੰਬਰ ਨੂੰ ਦਿੱਲੀ ਦੀ ਸਰਹੱਦ ਨਾਲ ਲੱਗਦੇ ਸਿੰਘੂ ਬਾਰਡਰ ‘ਤੇ ਧਰਨੇ ਵਾਲੀ ਥਾਂ ‘ਤੇ ਹੋਈ ਮੀਟਿੰਗ ‘ਚ ਐੱਸ.ਕੇ.ਐੱਮ ਨੇ ਫੈਸਲਾ ਕੀਤਾ ਸੀ ਕਿ ਸਾਰੀਆਂ ਮੰਗਾਂ ਪੂਰੀਆਂ ਹੋਣ ਤੱਕ ਕਿਸਾਨ ਆਪਣਾ ਅੰਦੋਲਨ ਖਤਮ ਨਹੀਂ ਕਰਨਗੇ। ਐਸਕੇਐਮ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਸੀ ਕਿ ਮੋਰਚੇ ਨੇ ਭਵਿੱਖ ਦੀ ਰਣਨੀਤੀ ਅਤੇ ਕੇਂਦਰ ਸਰਕਾਰ ਨਾਲ ਵਿਚਾਰ ਵਟਾਂਦਰਾ ਕਰਨ ਲਈ ਬਲਬੀਰ ਸਿੰਘ ਰਾਜੇਵਾਲ, ਗੁਰਨਾਮ ਚੜੂਨੀ, ਯੁੱਧਵੀਰ ਸਿੰਘ, ਸਵਿ ਕੁਮਾਰ ਕੱਕਾ ਅਤੇ ਅਸੋਕ ਧਾਵਲੇ ਦੀ ਇੱਕ ਪੰਜ ਮੈਂਬਰੀ ਕਮੇਟੀ ਵੀ ਬਣਾਈ ਹੈ। ਇਸੇ ਦੌਰਾਨ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਵੱਲੋਂ ਹਰਿਆਣਾ ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਤੋਂ ਬਾਅਦ ਹੁਣ ਕਿਸਾਨ ਆਗੂਆਂ ਵੱਲੋਂ ਦੂਜੀ ਮੀਟਿੰਗ ਕੀਤੀ ਜਾ ਰਹੀ ਹੈ। ਹਰਿਆਣਾ ਸਰਕਾਰ ਦੇ ਨਿਯੁਕਤ ਅਧਿਕਾਰੀ ਵੱਲੋਂ ਦਿੱਤੇ ਗਏ ਕਈ ਭਰੋਸੇ ਤੋਂ ਬਾਅਦ ਉਨ੍ਹਾਂ ਮੁੱਦਿਆਂ ‘ਤੇ ਕਿਸਾਨ ਅੰਦੋਲਨ ਦੀ ਅਗਲੀ ਰਣਨੀਤੀ ਅਤੇ ਰੂਪਰੇਖਾ ਉਲੀਕਣ ਲਈ ਸਿੰਘੂ ਬਾਰਡਰ ‘ਤੇ ਮੀਟਿੰਗ ਕੀਤੀ ਜਾ ਰਹੀ ਹੈ। ਸੰਯੁਕਤ ਕਿਸਾਨ ਮੋਰਚਾ ਦੀ ਬੈਠਕ ‘ਚ ਅੰਦੋਲਨ ਖਤਮ ਕਰਨ ‘ਤੇ ਵਿਚਾਰ ਹੋ ਰਿਹਾ ਹੈ। ਕਿਸਾਨ ਮੋਰਚਾ ਬੁੱਧਵਾਰ ਨੂੰ ਅੰਦੋਲਨ ਖਤਮ ਕਰਨ ਦਾ ਐਲਾਨ ਕਰ ਸਕਦਾ ਹੈ। ਕੇਂਦਰ ਸਰਕਾਰ ਵੱਲੋਂ ਸੰਯੁਕਤ ਕਿਸਾਨ ਮੋਰਚੇ ਕੋਲ ਪੱਤਰ ਭੇਜਿਆ ਗਿਆ ਹੈ। ਪੱਤਰ ‘ਚ ਹਰਿਆਣਾ ਤੇ ਉੱਤਰ ਪ੍ਰਦੇਸ਼ ‘ਚ ਦਰਜ ਮੁਕੱਦਮੇ ਵਾਪਸ ਲੈਣ ਸਮੇਤ ਹੋਰ ਮੰਗਾਂ ‘ਤੇ ਵੀ ਸਹਿਮਤੀ ਦਿੱਤੀ ਗਈ ਹੈ। ਬਿਜਲੀ ਸੋਧ ਬਿੱਲ-2020 ‘ਤੇ ਭਾਰਤ ਸਰਕਾਰ ਨੇ ਸਾਰੇ ਹਿੱਤਧਾਰਕ ਸੂਬਿਆਂ ਨਾਲ ਗੱਲ ਕਰਨ ਤੇ ਹੱਲ ਕੱਢਣ ਦਾ ਭਰੋਸਾ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ ਦੀ ਪੰਜ ਮੈਂਬਰੀ ਕਮੇਟੀ ਦੀ ਕੇਂਦਰ ਸਰਕਾਰ ਦੇ ਨੁਮਾਇੰਦਿਆਂ ਨਾਲ ਮੀਟਿੰਗ ਖਤਮ ਹੋ ਗਈ ਹੈ। ਇਸ ਤੋਂ ਬਾਅਦ ਪੰਜ ਮੈਂਬਰੀ ਕਮੇਟੀ ਦੇ ਸਾਰੇ ਲੋਕ ਮੁੜ ਸਾਂਝੇ ਮੋਰਚੇ ਦੀ ਮੀਟਿੰਗ ‘ਚ ਪੁੱਜ ਗਏ ਹਨ। ਹੁਣ ਦਿੱਲੀ-ਹਰਿਆਣਾ ਦੇ ਸਿੰਘੂ ਬਾਰਡਰ ‘ਤੇ ਹੋਈ ਸੰਯੁਕਤ ਕਿਸਾਨ ਮੋਰਚਾ ਦੀ ਬੈਠਕ ‘ਚ ਗੱਲਬਾਤ ਦਾ ਵੇਰਵਾ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਜਾਣਕਾਰੀ ਮਿਲ ਰਹੀ ਹੈ ਕਿ ਸੰਯੁਕਤ ਕਿਸਾਨ ਮੋਰਚਾ ਨੂੰ ਗ੍ਰਹਿ ਮੰਤਰਾਲੇ ਤੋਂ ਇਕ ਸੁਨੇਹਾ ਮਿਲਿਆ ਹੈ। ਇਸ ਵਿੱਚ ਧਾਰਾ 302 ਅਤੇ 307 ਤਹਿਤ ਦਰਜ ਕੇਸਾਂ ਨੂੰ ਛੱਡ ਕੇ ਹੋਰ ਕੇਸ ਵਾਪਸ ਲੈਣ ਦੀ ਗੱਲ ਕਹੀ ਗਈ ਹੈ। ਐਮਐਸਪੀ ’ਤੇ ਕਮੇਟੀ ਬਣਾਉਣ ਅਤੇ ਕਮੇਟੀ ‘ਚ ਮੋਰਚੇ ਦੇ ਆਗੂਆਂ ਨੂੰ ਸਾਮਲ ਕਰਨ ਦੀ ਵੀ ਗੱਲ ਚੱਲ ਰਹੀ ਹੈ। ਫਿਲਹਾਲ ਮੋਰਚੇ ਦੀ ਮੀਟਿੰਗ ਚੱਲ ਰਹੀ ਹੈ। ਮੰਗਾਂ ਮੰਨਣ ਤੋਂ ਬਾਅਦ ਹੁਣ ਸੰਯੁਕਤ ਕਿਸਾਨ ਮੋਰਚਾ ਵੀ ਅੰਦੋਲਨ ਵਾਪਸ ਲੈਣ ‘ਤੇ ਵਿਚਾਰ ਕਰ ਰਿਹਾ ਹੈ। ਇਕ-ਡੇਢ ਘੰਟੇ ‘ਚ ਕੋਈ ਠੋਸ ਫੈਸਲਾ ਲਏ ਜਾਣ ਦੀ ਸੰਭਾਵਨਾ ਹੈ। ਜਕਿਰਯੋਗ ਹੈ ਕਿ ਕਿਸਾਨ ਜਥੇਬੰਦੀ ਦੇ ਆਗੂਆਂ ਦੀ ਮੀਟਿੰਗ ਤੋਂ ਪਹਿਲਾਂ ਹੀ ਅਚਾਨਕ 5 ਮੈਂਬਰੀ ਕਮੇਟੀ ਮੋਰਚਾ ਛੱਡ ਕੇ ਕਿਤੇ ਹੋਰ ਰਵਾਨਾ ਹੋ ਗਈ ਸੀ। ਬਾਅਦ ‘ਚ ਪਤਾ ਲੱਗਾ ਕਿ ਐਮਐਸਪੀ ਸਮੇਤ ਕਈ ਮੁੱਦਿਆਂ ’ਤੇ ਕੇਂਦਰ ਸਰਕਾਰ ਦੇ ਨੁਮਾਇੰਦਿਆਂ ਨਾਲ ਮੀਟਿੰਗ ਹੋਈ ਸੀ। ਇਸ ਮੀਟਿੰਗ ‘ਚ ਗੁਰਨਾਮ ਚੜੂਨੀ ਅਤੇ ਸਵਿ ਕੁਮਾਰ ਕੱਕਾ ਸਮੇਤ ਕਈ ਆਗੂ ਹਾਜਰ ਸਨ। ਇਹ ਵੀ ਖੁਲਾਸਾ ਹੋਇਆ ਕਿ ਇਸ ਮੀਟਿੰਗ ਨੂੰ ਬਹੁਤ ਹੀ ਗੁਪਤ ਰੱਖਿਆ ਗਿਆ ਸੀ। ਜੇ ਸਾਰੀਆਂ ਗੱਲਾਂ ‘ਤੇ ਸਹਿਮਤੀ ਬਣ ਜਾਂਦੀ ਹੈ ਤਾਂ ਇਸ ਦਾ ਜਨਤਕ ਤੌਰ ‘ਤੇ ਐਲਾਨ ਕੀਤਾ ਜਾਵੇਗਾ, ਵਰਨਾ ਨਹੀਂ। ਗੌਰਤਲਬ ਹੈ ਕਿ ਨਰਿੰਦਰ ਮੋਦੀ ਸਰਕਾਰ ਵੱਲੋਂ ਤਿੰਨੋਂ ਕੇਂਦਰੀ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਬਾਵਜੂਦ ਯੂਪੀ, ਹਰਿਆਣਾ ਤੇ ਪੰਜਾਬ ਦੇ ਕਿਸਾਨ ਦਿੱਲੀ ਦੀ ਸਰਹੱਦ ‘ਤੇ ਇਕੱਠੇ ਹੋ ਕੇ ਪ੍ਰਦਰਸਨ ਕਰ ਰਹੇ ਹਨ। ਕਿਸਾਨ ਪ੍ਰਦਰਸਨਕਾਰੀਆਂ ਦੇ ਸਟੈਂਡ ਤੋਂ ਅਜਿਹਾ ਨਹੀਂ ਲੱਗਦਾ ਕਿ ਦਿੱਲੀ-ਐੱਨਸੀਆਰ ਦੀ ਸਰਹੱਦ ‘ਤੇ ਚੱਲ ਰਿਹਾ ਅੰਦੋਲਨ ਖਤਮ ਹੋ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਕੇਂਦਰ ਸਰਕਾਰ ਨਾਲ ਗੱਲਬਾਤ ਲਈ ਬਣਾਈ ਗਈ ਪੰਜ ਮੈਂਬਰੀ ਕਮੇਟੀ ਨੂੰ ਸਰਕਾਰ ਵੱਲੋਂ ਗੱਲਬਾਤ ਦਾ ਕੋਈ ਸੱਦਾ ਨਹੀਂ ਮਿਲਿਆ।